5 Dariya News

੮ ਸਿੱਖ ਕੈਦੀਆਂ ਦੀ ਰਿਹਾਈ ਦਾ ਦਮਦਮੀ ਟਕਸਾਲ ਵੱਲੋਂ ਸਵਾਗਤ।

ਬਾਕੀਆਂ ਦੀ ਰਿਹਾਈ ਪ੍ਰਤੀ ਵੀ ਖੁੱਲ੍ਹਦਿਲੀ ਵਿਖਾਵੇ ਸਰਕਾਰ : ਬਾਬਾ ਹਰਨਾਮ ਸਿੰਘ ਖ਼ਾਲਸਾ

5 Dariya News

ਮਹਿਤਾ/ਅੰਮ੍ਰਿਤਸਰ 16-Nov-2019

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਵੱਖ ਵੱਖ ਜੇਲ੍ਹਾਂ ਵਿਚ ਬੰਦ ੮ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਕੀਤੇ ਜਾਣ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਰਿਹਾਅ ਹੋਏ ਸਿੰਘਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਮੋਦੀ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਦੇਰ ਨਾਲ ਹੀ ਸਹੀ ਪਰ ਦਰੁਸਤ ਫ਼ੈਸਲਾ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਸਿਖ ਕੌਮ ਨੂੰ ਉਸ ਦਿਨ ਪੂਰੀ ਖ਼ੁਸ਼ੀ ਮਿਲੇਗੀ ਜਦ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਸਿਖ ਸਿਆਸੀ ਕੈਦੀਆਂ ਨੂੰ ਰਿਹਾਅ ਹੋਣਗੇ। ਉਨ੍ਹਾਂ ਕੇਂਦਰ ਨੂੰ ਸਿਖਾਂ ਦੇ ਦਿਲ ਜਿੱਤਣ ਲਈ ਸਾਰੇ ਸਿਖ ਕੈਦੀਆਂ ਦੀ ਰਿਹਾਈ ਦੀ ਮੰਗ ਦੁਹਰਾਈ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ 'ਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਸਿਖ ਸਮਾਜ ਵੱਲੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਕੈਦ ਹੰਢਾਅ ਰਹੇ ੨੨ ਸਿੱਖ ਕੈਦੀਆਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਸਮੇਂ ਸਮੇਂ ਪਹੁੰਚ ਕੀਤੀ ਜਾਂਦੀ ਰਹੀ। ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀ ਤਰਫ਼ੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਮੱਦੇ ਨਜ਼ਰ ਉਕਤ ਸ਼ਲਾਘਾਯੋਗ ਕਦਮ ਚੁੱਕਿਆ ਹੈ, ਉੱਥੇ ਬਾਕੀ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨ ਦਾ ਖੁਲ ਦਿਲੀ ਨਾਲ ਫ਼ੈਸਲਾ ਲਿਆ ਜਾਵੇ ਤਾਂ ਇਹ ਦੇਸ਼ ਦੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਪ੍ਰਤੀ ਇਕ ਚੰਗੀ ਸ਼ੁਰੂਆਤ ਹੋਵੇਗੀ। ਜਿਸ ਦੇ ਚੰਗੇ ਸਿੱਟੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਮੂਹ ਸਿੱਖ ਕੈਦੀਆਂ ਦੀ ਰਿਹਾਈ ਵਰਗਾ ਠੋਸ ਕਦਮ ਨਿਸ਼ਚੇ ਹੀ ਪੰਜਾਬ ਅਤੇ ਸਿੱਖ ਕੌਮ ਨਾਲ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਵੱਲੋਂ ਕੀਤੇ ਜਾਂਦੇ ਗਲਤ ਵਿਵਹਾਰ ਅਤੇ ਵਿਤਕਰਿਆਂ ਕਾਰਨ ਸਿੱਖ ਕੌਮ 'ਚ ਆਈ ਬੇਗਾਨਗੀ ਦੀ ਭਾਵਨਾ ਨੂੰ ਦੂਰ ਕਰਨ ਅਤੇ ਦੇਸ਼ ਪ੍ਰਤੀ ਵਿਸ਼ਵਾਸ ਬਹਾਲੀ 'ਚ ਸਹਾਈ ਸਿੱਧ ਹੋਵੇਗੀ। ਇਸ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕਰਨ ਵਾਲਿਆਂ 'ਚ ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ, ਗਿਆਨੀ ਜੀਵਾ ਸਿੰਘ, ਜਥੇਦਾਰ ਸੁਖਦੇਵ ਸਿੰਘ, ਬਾਬਾ ਅਜੀਤ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਿਲ ਹਨ।