5 Dariya News

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਹੁੰਦਾ ਵੇਖਿਆ

ਨਵੀਂ ਪੀੜੀ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਤਿਆਰ ਕਰਵਾਇਆ ਇਹ ਸ਼ੋਅ-ਡਿਪਟੀ ਕਮਿਸ਼ਨਰ

5 Dariya News

ਤਰਨ ਤਾਰਨ 05-Feb-2020

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ ਸਥਾਨਕ ਮਾਝਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿੱਚ ਬੁੱਧਵਾਰ ਦੀ ਸ਼ਾਮ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਹੁੰਦਾ ਵੇਖਿਆ।ਆਵਾਜ਼ ਤੇ ਰੌਸ਼ਨੀਆਂ ’ਤੇ ਅਧਾਰਤ ਇਸ ਪ੍ਰੋਗਰਾਮ ਦੇ ਅੱਜ ਦੇ ਸ਼ੋਅ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ।ਇਸ ਮੌਕੇ ਸੰਗਤਾਂ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਚ ਦੀ ਸੋਝੀ ਮਿਲਦੀ ਹੈ। ਉਨਾਂ ਨੇ ਕਿਹਾ ਕਿ ਗੁਰੂ ਜੀ ਦੇ ਜੀਵਨ ਦੀ ਹਰੇਕ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ।ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਡੀ ਨਵੀਂ ਪੀੜੀ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕਰਵਾਇਆ ਗਿਆ ਹੈ।ਉਹਨਾਂ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਫੈਲਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਇਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਰਿਹਾ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।ਅੱਜ ਸ਼ਾਮ ਸ਼ੁਰੂ ਹੋਏ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤਾਂ ਨੂੰ ਅਧਿਆਤਮਕਤਾ ਦੇ ਰੰਗ ਵਿਚ ਰੰਗ ਦਿੱਤਾ।ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਇਸ ਸ਼ੋਅ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।ਇਸ ਸ਼ੋਅ ਲਈ ਸਥਾਨਕ ਲੋਕਾਂ ਅਤੇ ਵਿਸ਼ੇਸ਼ ਕਰਕੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ। ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ।ਉਹਨਾਂ ਦੱਸਿਆ ਕਿ 6 ਫਰਵਰੀ ਨੂੰ ਵੀ ਲਾਈਟ ਐਂਡ ਸਾਊਂਡ ਸੋੋਅ ਦੇ ਦੋ ਸ਼ੋਅ ਕ੍ਰਮਵਾਰ 6 ਅਤੇ 7 ਵਜੇ ਹੋਣਗੇ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਹ ਸ਼ੋਅ ਵੇਖਣ ਲਈ ਮਾਝਾ ਕਾਲਜ ਫ਼ਾਰ ਵੂਮੈਨ, ਤਰਨ ਤਾਰਨ ਵਿਖੇ ਪੁੱਜਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।