ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਇਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਸੈਸ਼ਨ 2018-19 ਦੇ 350 ਵਿਦਿਆਰਥੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਅਤੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ।ਸਮਾਰੋਹ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਪੜ੍ਹੇ ਵਿਦਿਆਰਥੀ ਜਿਥੇ ਅੱਜ ਉੱਚ ਅਹੁਦਿਆਂ 'ਤੇ ਬਿਰਾਜਾਮਾਨ ਹਨ ਉਥੇ ਹੀ ਇਸ ਕਾਲਜ ਤੋਂ ਪੜ੍ਹੇ ਵਿਦਿਆਰਥੀਆਂ ਨੇ ਭਾਰਤ ਹੀ ਨਹੀਂ ਬਲਕਿ ਕੌਮਾਂਤਰੀ ਪੱਧਰ 'ਤੇ ਵੀ ਹਰ ਖੇਤਰ 'ਚ ਦੇਸ਼, ਪੰਜਾਬ ਸਮੇਤ ਆਪਣਾ ਤੇ ਇਸ ਕਾਲਜ ਦਾ ਵੀ ਨਾਮ ਰੌਸ਼ਨ ਕੀਤਾ ਹੈ।ਪਰਨੀਤ ਕੌਰ ਨੇ ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ 'ਚ ਵੀ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਵਿਦਿਅਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਥੋਂ ਪੜੇ ਵਿਦਿਆਰਥੀ ਹਰੇਕ ਖੇਤਰ ਵਿੱਚ ਸਫਲਤਾਂ ਹਾਸਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਾਲਜ ਵਿਚ ਬਣ ਰਹੇ ਸਾਇੰਸ ਬਲਾਕ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸਮਾਰੋਹ ਦੌਰਾਨ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਲਿਆ ਰਹੀ ਹੈ ਅਤੇ ਇਸ ਸਾਲ ਦੇ ਬਜ਼ਟ ਵਿੱਚ ਵੱਡੀ ਰਕਮ ਸਿੱਖਿਆ ਲਈ ਰੱਖੀ ਗਈ ਹੈ। ਇਸ ਦੌਰਾਨ ਉਨ੍ਹਾਂ ਪਿਛਲੇ ਤਿੰਨ ਸਾਲਾਂ ਦੌਰਾਨ ਰਾਜਪੁਰਾ ਵਿੱਚ ਹੋਏ ਵਿਕਾਸ ਕਾਰਜ ਬਾਰੇ ਵੀ ਦੱਸਿਆ।
ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਮੁਕਾਬਲੇ ਦੇ ਯੁੱਗ ਵਿੱਚ ਸਮੇਂ ਦਾ ਹਾਣੀ ਬਣਕੇ ਹੀ ਤਰੱਕੀ ਕੀਤੀ ਜਾ ਸਕਦੀ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਢੁਕਵੇਂ ਕਦਮ ਚੁੱਕ ਰਹੇ ਹਨ।ਸਮਾਰੋਹ ਦੌਰਾਨ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਦੂਆ ਨੇ ਦੱਸਿਆ ਕਿ ਕਾਲਜ ਵਿੱਚ ਨਵੇਂ ਬਲਾਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੀ ਗਿਣਤੀ ਵੱਧਣ ਦੇ ਨਾਲ-ਨਾਲ ਕਾਲਜ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਵੀ ਕੀਤਾ ਜਾ ਰਿਹਾ ਹੈ।ਸ੍ਰੀਮਤੀ ਪਰਨੀਤ ਕੌਰ ਨੇ ਇਸ ਦੌਰਾਨ 20 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, 10 ਨੂੰ ਕਾਲਜ ਕਲਰ ਅਤੇ 350 ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਐਨ.ਸੀ.ਸੀ. ਤੇ ਐਨ.ਐਸ.ਐਸ. ਦੇ ਲਈ ਮੈਰਿਟ ਸਰਟੀਫਿਕੇਟ ਤਕਸੀਮ ਕੀਤੇ।ਸਮਾਰੋਹ ਦੌਰਾਨ ਕਾਲਜ ਦੇ ਪ੍ਰਿੰਸੀਪਲ ਅਕਾਦਮਿਕ ਡਾ. ਸੁਰੇਸ਼ ਨਾਇਕ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਤੇ ਦੱਸਿਆ ਕਿ ਇਥੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਵਿੱਦਿਅਕ ਨਤੀਜੇ ਦਿਖਾਉਂਦਿਆਂ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਤੇ ਕਬਜਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਥੋਂ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ., ਐਨ.ਐਸ.ਐਸ. ਅਤੇ ਖੇਡਾਂ ਸਮੇਤ ਹੋਰ ਬਹੁਤ ਸਾਰੀਆਂ ਸਹਿ ਵਿਦਿਅਕ ਗਤੀਵਿਧੀਆਂ 'ਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਜੀ ਆਇਆ ਆਖਿਆ।ਇਸ ਮੌਕੇ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਕਾਲਜ ਕਮੇਟੀ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਦੂਆ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਸ੍ਰੀ ਨਿਰਭੈ ਸਿੰਘ ਮਿਲਟੀ, ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ, ਐਸ.ਡੀ.ਐਮ. ਸਮਾਣਾ ਸ੍ਰੀ ਸ਼ਿਵ ਕੁਮਾਰ, ਕਾਲਜ ਕਮੇਟੀ ਦੇ ਮੀਤ ਪ੍ਰਧਾਨ ਸ੍ਰੀ ਰਾਜੇਸ਼ ਆਨੰਦ, ਸਕੱਤਰ ਸ੍ਰੀਮਤੀ ਠਾਕਰੀ ਖੁਰਾਨਾ, ਜਨਰਲ ਸੈਕਟਰੀ ਸ੍ਰੀ ਸੁਰਿੰਦਰ ਕੌਸ਼ਲ, ਸੈਕਟਰੀ ਸ੍ਰੀ ਵਿਨੇ ਨਕਾਰੀ, ਸ੍ਰੀ ਦੇਵਕੀ ਨੰਦਨ, ਸ੍ਰੀ ਨਰਿੰਦਰ ਸ਼ਾਸਤਰੀ ਪ੍ਰਧਾਨ ਨਗਰ ਕੌਂਸਲ ਰਾਜਪੁਰਾ ਸ੍ਰੀ ਅਨਿਲ ਸ਼ਾਹੀ ਸ੍ਰੀ ਸ਼ਾਮ ਲਾਲ ਆਨੰਦ ਵੀ ਮੌਜੂਦ ਸਨ।