ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਭਰੋਸਾ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਲੋਕਾਂ ਲਈ ਸੁੱਕੇ ਰਾਸ਼ਨ ਦੇ ਬੰਦ ਪੈਕੇਟਾਂ ਦੀ ਵੰਡ ਦਾ ਕੰਮ ਜੋ ਸ਼ੁਰੂ ਕੀਤਾ ਗਿਆ ਹੈ, ਉਹ ਸੁਚਾਰੂ ਤਰੀਕੇ ਨਾਲ ਨੇਪਰੇ ਚੜਾਇਆ ਜਾਵੇਗਾ। ਉਹ ਆਪਣੇ ਹਲਕੇ ਵਿੱਚ ਲੋੜਵੰਦ ਲੋਕਾਂ ਲਈ ਤਿਆਰ ਭੋਜਨ ਦੇ ਪੈਕੇਟਾਂ ਦੀ ਵੰਡ ਕਰ ਰਹੇ ਸਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੁਧਿਆਣਾ ਵਿੱਚ ਕੋਈ ਵੀ ਵਿਅਕਤੀ ਰਾਤ ਨੂੰ ਭੁੱਖੇ ਪੇਟ ਨਾ ਸੌਵੇ। ਉਨ੍ਹਾਂ ਦੀ ਟੀਮ ਵੱਲੋਂ ਹਲਕੇ ਦੇ ਕਈ ਪਿੰਡਾਂ ਵਿੱਚ ਤਿਆਰ ਭੋਜਨ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਉਹ ਅਤੇ ਉਨ੍ਹਾਂ ਦੇ ਟੀਮ ਮੈਂਬਰ ਉਨ੍ਹਾਂ ਖੇਤਰਾਂ ਵਿੱਚ ਜਾਂਦੇ ਹਨ, ਜਿੱਥੇ ਲੋੜਵੰਦ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਨੂੰ 5000 ਤੋਂ ਜਿਆਦਾ ਤਿਆਰ ਭੋਜਨ ਅਤੇ ਰਾਸ਼ਨ ਪੈਕਟਾਂ ਦੀ ਵੰਡ ਕੀਤੀ ਜਾਂਦੀ ਹੈ।ਉਨ੍ਹਾਂ ਸਾਰੀਆਂ ਗੈਰ ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ, ਜੋ ਕਿ ਇਸ ਔਖੀ ਘੜੀ ਵਿੱਚ ਲੋਕਾਂ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸਾਰੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਖੇਤਰ ਵੰਡ ਦੇ ਭੋਜਨ ਰਾਸ਼ਨ ਦੀ ਵੰਡ ਕਰਨੀ ਚਾਹੀਦੀ ਹੈ ਤਾਂ ਜੋ ਹਰੇਕ ਲੋੜਵੰਦ ਵਿਅਕਤੀ ਨੂੰ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਧ ਪਦਾਰਥਾਂ ਦੀ ਜਮ੍ਹਾਂਖੋਰੀ ਨਾ ਕਰਨ। ਇਸ ਮੌਕੇ ਹਲਕਾ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਦੇ ਚੱਲਦਿਆਂ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਾਉਣ ਲਈ ਵਿਧਾਇਕ ਵੈਦ ਅਤੇ ਪ੍ਰਸਾਸ਼ਨ ਦਾ ਧੰਨਵਾਦ ਕੀਤਾ।