ਜ਼ਿਲ੍ਹੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਇਸਦੇ ਨਾਲ ਨਾਲ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਨ ਉਪਰੰਤ ਕੀਤਾ। ਇਸ ਮੀਟਿੰਗ ਵਿੱਚ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਉਚੇਚੇ ਤੌਰ ਤੇ ਹਾਜ਼ਰ ਹੋਏ।ਡਾ. ਅਮਰ ਸਿੰਘ ਨੇ ਕਿਹਾ ਕਿ ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆੜਤੀਆਂ ਜ਼ਰੀਏ ਟੋਕਨ ਜਾਰੀ ਕੀਤੇ ਜਾ ਰਹੇ ਹਨ ਅਤੇ ਜਿਹੜੇ ਕਿਸਾਨ ਨੂੰ ਜਿਹੜੇ ਦਿਨ ਦਾ ਟੋਕਨ ਮਿਲੇਗਾ ਉਹ ਉਸੇ ਦਿਨ ਹੀ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਵੇਗਾ।
ਇਸ ਨਾਲ ਮੰਡੀ ਵਿੱਚ ਭੀੜ ਹੋਣ ਤੋਂ ਬਚਾਅ ਹੋਵੇਗਾ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇਗੀ।ਉਨ੍ਹਾਂ ਦੱਸਿਆ ਕਿ ਇਸ ਬਾਰ ਕਣਕ ਦੀ ਖਰੀਦ ਸਬੰਧੀ ਜ਼ਿਲ੍ਹੇ ਵਿਚਲੇ ਸ਼ੈਲਰਾਂ ਦੀ ਉਚੇਚੇ ਤੌਰ ਤੇ ਵਰਤੋਂ ਕੀਤੀ ਜਾ ਰਹੀ ਹੈ ਤੇ ਮੰਡੀਆਂ ਵਿੱਚ ਢੇਰੀਆਂ ਲਈ ਉਚੇਚੇ ਤੌਰ ਤੇ ਮਾਰਕਿੰਗ ਕੀਤੀ ਗਈ ਹੈ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸੋਸ਼ਲ ਡਿਸਟੈਂਸਿੰਗ ਯਕੀਨੀ ਬਣਾਈ ਜਾ ਸਕੇ।ਇਸ ਮੌਕੇ ਤਿੰਨੇ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇ ਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿ ਕੇ ਹੀ ਕੋਰੋਨਾ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਉਪਰੰਤ ਸੰਸਦ ਮੈਂਬਰ ਡਾ ਅਮਰ ਸਿੰਘ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਸਰਹਿੰਦ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਪੀ. (ਜਾਂਚ) ਹਰਪਾਲ ਸਿੰਘ, ਡਾ. ਅਮਰ ਸਿੰਘ ਦੇ ਪੁੱਤਰ ਕਾਮਿਲ ਅਮਰ ਸਿੰਘ, ਡੀ ਐਫ ਐਸ ਸੀ ਰਵਿੰਦਰ ਕੌਰ, ਜਿਲ੍ਹਾ ਮੰਡੀ ਅਫਸਰ ਰਜਿੰਦਰ ਕੁਮਾਰ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਮਾਰਕਿਟ ਕਮੇਟੀ ਸਰਹਿੰਦ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ ਹਾਜ਼ਰ ਸਨ।