ਪਟਿਆਲਾ ਸ਼ਹਿਰ ਵਿੱਚ ਕੋਵਿਡ-19 ਪਾਜ਼ੀਟਿਵ ਮਰੀਜ਼ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ ਅਤੇ ਉਥੇ ਸਿਹਤ ਵਿਭਾਗ ਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਲਗਾਤਾਰ ਖੇਤਰਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਸਫ਼ਾਬਾਦੀ ਗੇਟ ਤੇ ਕਿਤਾਬਾਂ ਵਾਲੇ ਬਾਜ਼ਾਰ ਏਰੀਏ ਵਿਚੋਂ ਕੁਝ ਵਿਅਕਤੀਆਂ ਦੀ ਕੋਵਿਡ-19 ਰਿਪੋਰਟ ਪਾਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆ ਖੇਤਰ ਨੂੰ ਕੰਟੇਨਮੈਂਟ ਜ਼ੋਨ ਐਲਾਨ ਕੇ ਸੀਲ ਕਰ ਦਿੱਤਾ ਸੀ ਅਤੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਖੇਤਰਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਪੂਨਮਦੀਪ ਕੌਰ ਨੇ ਦੱਸਿਆ ਕਿ ਸਫ਼ਾਬਾਦੀ ਗੇਟ ਤੇ ਕਿਤਾਬਾਂ ਵਾਲੇ ਬਾਜ਼ਾਰ ਦੀਆਂ ਗਲੀਆਂ ਅਤੇ ਹੋਰ ਜਨਤਕ ਸਥਾਨਾਂ ਨੂੰ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਜਿਥੇ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਉਥੇ ਹੀ ਸਾਫ਼-ਸਫ਼ਾਈ ਦਾ ਕੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਗਮ ਮੁਲਾਜ਼ਮਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਨਿਗਮ ਦੀ ਹੈ ਇਸ ਲਈ ਕੰਟੇਨਮੈਂਟ ਜ਼ੋਨ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੀ.ਪੀ.ਈ. ਕਿੱਟਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਪੂਰੇ ਸੁਰੱਖਿਅਤ ਹੋਕੇ ਆਪਣੀ ਡਿਊਟੀ ਨਿਭਾਅ ਸਕਣ ਅਤੇ ਨਾਲ ਹੀ ਮੁਲਾਜ਼ਮਾਂ ਦੀ ਥਰਮਲ ਸਕੈਨੀ ਵੀ ਕੀਤੀ ਜਾ ਰਹੀ ਹੈ। ਕਮਿਸ਼ਨਰ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਜਿਥੇ ਖੇਤਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਉਥੇ ਹੀ ਨਾਲੋਂ ਨਾਲ ਸਫ਼ਾਈ ਦਾ ਕੰਮ ਵੀ ਜਾਰੀ ਹੈ।ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਨਿਗਮ ਵੱਲੋਂ ਕਰਫਿਊ ਦੌਰਾਨ ਸ਼ਹਿਰ ਨੂੰ ਸਾਫ਼ ਸੁਥਰਾਂ ਰੱਖਣ ਲਈ ਸਾਰੇ ਵਾਰਡਾਂ ਵਿੱਚ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਸਫ਼ਾਈ ਕਰਮਚਾਰੀ ਮੁਸ਼ਕਿਲ ਹਾਲਤਾਂ ਵਿੱਚ ਪੂਰੀ ਮਿਹਨਤ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਅਹਿਮ ਡਿਊਟੀ ਦੇ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾ ਦੀ ਪਾਲਣਾ ਕੀਤੀ ਜਾਵੇ ਅਤੇ ਕਰਫਿਊ ਦੌਰਾਨ ਬੇਲੋੜੀ ਆਵਾਜਾਈ ਕਰਕੇ ਕਾਨੂੰਨ ਨੂੰ ਹੱਥ ਵਿੱਚ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸ਼ਹਿਰ ਵਾਸੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ ਜਿਸ ਲਈ ਸਟਾਫ਼ ਵੱਲੋਂ 24 ਘੰਟੇ ਡਿਊਟੀਆਂ ਦਿੱਤੀਆਂ ਜਾ ਰਹੀਆਂ ਹਨ।