ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਦੇ ਨੌਜਵਾਨਾਂ ਦੇ ਫਾਇਦੇ ਲਈ ਇੱਕ ਹੈੱਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਇਸ ਰਾਹੀਂ ਨੌਜਵਾਨ ਕਰਫਿਊ/ਲੌਕਡਾਊਨ ਦੇ ਚੱਲਦਿਆਂ ਨਿਰਾਸ਼ਾ, ਚਿੰਤਾ ਅਤੇ ਤਣਾਅ ਤੋਂ ਮੁਕਤੀ ਲਈ ਸਲਾਹ ਲੈ ਸਕਣਗੇ। ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਨੌਜਵਾਨ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ 9577200003 'ਤੇ ਟੈਕਸਟ/ਵਟਸਐਪ ਸੁਨੇਹੇ ਭੇਜ ਸਕਦੇ ਹਨ।ਸ੍ਰ. ਬਿੰਦਰਾ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਨੌਜਵਾਨਾਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਹੈ। ਇਸੇ ਕਰਕੇ ਹੀ ਮੌਜੂਦਾ ਸਥਿਤੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਨੌਜਵਾਨਾਂ ਪੱਖੀ ਕਈ ਫੈਸਲੇ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਸਿਹਤ ਕਾਮਿਆਂ ਨੂੰ 1000 ਪੀ. ਪੀ. ਈ. ਕਿੱਟਾਂ, ਲੋੜਵੰਦਾਂ ਨੂੰ ਮੁਫ਼ਤ ਰਾਸ਼ਨ (2000 ਆਟਾ ਬੈਗ) ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੰਗਰ ਦੀ ਸੇਵਾ ਲਈ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਰੋਜ਼ਾਨਾ 2000 ਲੋੜਵੰਦਾਂ ਨੂੰ ਲੰਗਰ ਤਿਆਰ ਕਰਕੇ ਲੁਧਿਆਣਾ ਪੁਲਿਸ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਉਨ੍ਹਾਂ (ਬਿੰਦਰਾ) ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਾਨ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਬੋਰਡ ਦੇ ਮੈਂਬਰ ਅਤੇ ਸਾਰੇ ਜ਼ਿਲ੍ਹਾ ਕੋਆਰਡੀਨੇਟਰ ਆਪਣੇ ਆਪਣੇ ਖੇਤਰਾਂ ਵਿੱਚ ਆਪਣੇ ਪੱਧਰ 'ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਬਾਰੇ ਕੜੀ ਨੂੰ ਤੋੜਨ ਲਈ ਬੋਰਡ ਦੀ ਪੂਰੀ ਟੀਮ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਉਹ ਨਿੱਜੀ ਤੌਰ 'ਤੇ ਸਾਰੇ ਕਾਰਜਾਂ 'ਤੇ ਨਿਗਰਾਨੀ ਰੱਖ ਰਹੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ ਸੀਨੀਅਰ ਡਾਕਟਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ।