ਜ਼ਿਲ੍ਹਾ ਮੋਹਾਲੀ 'ਚ 'ਕੋਰੋਨਾ ਵਾਇਰਸ' ਤੋਂ ਪੀੜਤ ਤਿੰਨ ਹੋਰ ਮਰੀਜ਼ ਸਨਿਚਰਵਾਰ ਨੂੰ ਪੂਰੀ ਤਰ੍ਹਾਂ ਠੀਕ ਹੋ ਗਏ। ਜ਼ਿਲ੍ਹੇ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ ਹੁਣ 33 ਹੋ ਗਈ ਹੈ।ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਨੇ ਦਸਿਆ ਕਿ ਸਨਿਚਰਵਾਰ ਨੂੰ ਠੀਕ ਹੋਏ ਤਿੰਨੇ ਮਰੀਜ਼ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ। ਇਨ੍ਹਾਂ ਸਾਰਿਆਂ ਦਾ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ 'ਕੋਵਿਡ ਕੇਅਰ ਸੈਂਟਰ' ਵਿਚ ਇਲਾਜ ਚੱਲ ਰਿਹਾ ਸੀ। ਤੰਦਰੁਸਤ ਹੋਣ ਵਾਲਿਆਂ ਵਿਚ 35 ਸਾਲਾ ਸੀਮਾ, 53 ਸਾਲਾ ਅਵਤਾਰ ਸਿੰਘ ਅਤੇ 35 ਸਾਲਾ ਮਨਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਤਿੰਨਾਂ ਮਰੀਜ਼ਾਂ ਦੇ 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰੀਪੋਰਟਾਂ ਨੈਗੇਟਿਵ ਆਈਆਂ ਹਨ ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁਲ 20 ਮਰੀਜ਼ ਅੱਜ ਤਕ ਠੀਕ ਹੋ ਚੁੱਕੇ ਹਨ। ਇਨ੍ਹਾਂ ਤਿੰਨਾਂ ਮਰੀਜ਼ਾਂ ਨੂੰ ਅਹਿਤਿਆਤ ਵਜੋਂ 14 ਦਿਨਾਂ ਲਈ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ 'ਇਕਾਂਤਵਾਸ ਕੇਂਦਰ' ਵਿਚ ਰਖਿਆ ਜਾਵੇਗਾ। ਡਾ. ਰੇਨੂੰ ਸਿੰਘ ਨੇ ਦਸਿਆ ਕਿ ਬਾਕੀ ਸਾਰੇ ਪੀੜਤਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਠੀਕ ਹੋਏ ਮਰੀਜ਼ਾਂ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਹੋਰ ਸਟਾਫ਼ ਦਾ ਧਨਵਾਦ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਦਾ ਪੂਰਾ ਖ਼ਿਆਲ ਰਖਿਆ ਗਿਆ ਅਤੇ ਉਨ੍ਹਾਂ ਨੂੰ ਚੰਗਾ ਤੇ ਮਿਆਰੀ ਇਲਾਜ ਮਿਲਿਆ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਗਿਆਨ ਸਾਗਰ ਹਸਪਤਾਲ ਵਿਚ ਬਣਾਏ ਗਏ 'ਕੋਵਿਡ ਕੇਅਰ ਸੈਂਟਰ' ਵਿਚ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰ, ਨਰਸਾਂ, ਪੈਰਾਮੈਡੀਕਲ ਸਟਾਫ਼ ਪ੍ਰਸ਼ੰਸਾ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਉਹ ਅਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੂਰੀ ਨਿਡਰਤਾ, ਮਿਹਨਤ ਅਤੇ ਲਗਨ ਨਾਲ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤਯਾਬ ਹੋਏ ਮਰੀਜ਼ਾਂ ਨੂੰ ਫ਼ਿਲਹਾਲ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਨੂੰ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ, ਮਾਸਕ ਪਾਉਣ ਅਤੇ ਵਾਰ ਵਾਰ ਹੱਥ ਧੋਣ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।