ਸਮਾਜ ਨੂੰ ਸਹੀ ਦਿਸ਼ਾ ਵਿੱਚ ਵਿਕਸਿਤ ਕਰਨ ਖਾਤਰ ਔਰਤਾਂ ਲਈ ਮੁਲਕ ਅੰਦਰ ਸਤਿਕਾਰ ਵਾਲਾ ਮਾਹੌਲ ਸਿਰਜਣ ਨੂੰ ਬਹੁਤ ਜ਼ਰੂਰੀ ਆਖਦਿਆਂ ਮੈਂਬਰ ਪਾਰਲੀਮੈਂਟ ਬਠਿੰਡਾ ਬੀਬੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ 'ਧੀਆਂ ਦੀ ਲੋਹੜੀ' ਮਨਾਉਣ ਦਾ ਸੱਦਾ ਦਿੱਤਾ ਹੈ। ਬੀਬੀ ਬਾਦਲ ਨੇ ਕਿਹਾ ਕਿ ਅੱਜ ਹਰ ਖੇਤਰ ਵਿੱਚ ਮੁਲਕ ਦੀਆਂ ਧੀਆਂ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਪਰ ਫੇਰ ਵੀ ਸਮੁੱਚੇ ਰੂਪ ਵਿੱਚ ਔਰਤਾਂ ਦੇ ਸਤਿਕਾਰ ਵਾਲਾ ਮਾਹੌਲ ਸਿਰਜਣ ਲਈ ਲੋਕਾਂ ਨੂੰ ਮਿਲਕੇ ਹੰਭਲੇ ਮਾਰਨ ਦੀ ਜ਼ਰੂਰਤ ਹੈ।ਅੱਜ ਪਿੰਡ ਨਸੀਬਪੁਰਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਮੈਂਬਰ ਪਾਰਲੀਮੈਂਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਲਕੇ ਅਤੇ ਖੁਸ਼ੀ ਨਾਲ ਧੀਆਂ ਦੀ ਲੋਹੜੀ ਮਨਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਧੀਆਂ ਲਈ ਹੋਰ ਵੀ ਉਸਾਰੂ ਮਾਹੌਲ ਸਿਰਜਿਆ ਜਾ ਸਕੇ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਬੀਬੀ ਬਾਦਲ ਨੇ ਕਿਹਾ ਕਿ ਕੇਂਦਰ ਦੀ ਯੂ.ਪੀ.ਏ ਸਰਕਾਰ ਨੇ ਕਦੇ ਵੀ ਲੋਕਾਂ ਦੀ ਭਲਾਈ ਜਾਂ ਵਿਕਾਸ ਲਈ ਸੰਜੀਦਗੀ ਨਾਲ ਕੰਮ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਬਜਟ ਵਿੱਚ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਲਈ ਤਾਂ ਲੱਖਾਂ ਰੁਪਏ ਰਾਖਵੇਂ ਰੱਖ ਲਏ ਪਰ ਜ਼ਮੀਨੀ ਪੱਧਰ ਉੱਪਰ ਲੋਕਾਂ ਦਾ ਭਲਾ ਕਰਨ ਲਈ ਕੁਝ ਨਹੀਂ ਕੀਤਾ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਅੱਜ ਮੁਲਕ ਦੇ ਸੂਝਵਾਨ ਲੋਕ ਕੇਂਦਰ ਦੀ ਯੂ.ਪੀ.ਏ ਸਰਕਾਰ ਦੀਆਂ ਅਜਿਹੀਆਂ ਚਾਲਾਂ ਤੋਂ ਸੁਚੇਤ ਹੋ ਚੁਕੇ ਹਨ। ਉਨ੍ਹਾਂ ਦਹੁਰਾਇਆ ਕਿ ਦੇਸ਼ ਦੇ ਲੋਕ ਕੇਂਦਰ ਵਿੱਚ ਤਜ਼ਰਬੇਕਾਰ ਤੇ ਮੁਲਕ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਯੋਗ ਆਗੂ ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਡੀਕ ਕਰ ਰਹੇ ਹਨ। ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬੇ ਦੇ ਵਿਕਾਸ ਦਾ ਜਿਕਰ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਰਿਹਾ ਹੈ। ਮੈਂਬਰ ਪਾਰਲੀਮੈਂਟ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡਾਂ ਸ਼ੇਰਗੜ੍ਹ, ਭਗਵਾਨਗੜ੍ਹ, ਮੱਲਵਾਲਾ, ਬੰਗੀ ਰੁੱਘੂ, ਬੰਗੀ ਦੀਪਾ, ਬੰਗੀ ਰੁਲਦੂ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡੀਆਂ। ਮੈਂਬਰ ਪਾਰਲੀਮੈਂਟ ਵੱਲੋਂ ਬਾਅਦ ਵਿੱਚ ਜੋਗੀ ਨਗਰ ਬਠਿੰਡਾ ਵਿਖੇ ਅਰਬਨ ਹੈੱਲਥ ਸੈਂਟਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਉਪ ਮੁੱਖ ਮੰਤਰੀ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਹਰਜਿੰਦਰ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸ੍ਰੀ ਬਲਵੀਰ ਸਿੱਧੂ, ਐਸ.ਡੀ.ਐਮ ਤਲਵੰਡੀ ਸਾਬੋ ਮੈਡਮ ਸ਼ਰੂਤੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਰਾਜਿੰਦਰ ਬਤਰਾ ਤੋ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।