ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹੇ ਅੰਦਰ ਭਾਵੇਂ ਦਿਨ ਦਾ ਕਰਫਿਊ ਹਟਾ ਦਿੱਤਾ ਗਿਆ ਹੈ ਪ੍ਰੰਤੂ ਤਾਲਾਬੰਦੀ ਸਮੇਤ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਅਜੇ ਵੀ ਲਾਗੂ ਹੈ, ਇਸ ਲਈ ਤਾਲਾਬੰਦੀ ਤੇ ਰਾਤ ਦੇ ਕਰਫਿਊ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ 20 ਮਈ ਨੂੰ ਵਹੀਕਲਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 825 ਵਹੀਕਲਾਂ ਦਾ ਚਲਾਨ ਕੀਤਾ ਗਿਆ ਅਤੇ 94 ਜ਼ਬਤ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਸਮੇਤ ਰਾਤ ਦੇ ਕਰਫਿਊ ਦੇ ਹੁਕਮਾਂ ਦੀ ਪਾਲਣਾਂ ਕਰਨ। ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਜਾਣ ਵੇਲੇ ਮਾਸਕ ਜਰੂਰ ਪਹਿਨਿਆ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਦੀਆਂ ਧਾਰਾਵਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਜਿੱਥੇ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਅਤੇ ਵਹੀਕਲਾਂ ਦੀ ਚੈਕਿੰਗ ਦੀ ਮੁਹਿੰਮ ਚਲਾਈ ਹੋਈ ਹੈ। ਉਥੇ ਹੀ ਆਮ ਲੋਕਾਂ ਦੇ ਸਹਿਯੋਗ ਨਾਲ ਲੋਕਾਂ ਦੀ ਮੁੜ ਸ਼ੁਰੂ ਹੋਈ ਆਵਾਜਾਈ ਅਤੇ ਅਮਨ ਕਾਨੂੰਨ ਨੂੰ ਕਾਇਮ ਰੱਖਣ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਐਨ.ਜੀ.ਓਜ ਦੀ ਮਦਦ ਨਾਲ ਲੋੜਵੰਦਾਂ ਨੂੰ ਰਾਸ਼ਨ ਤੇ ਲੰਗਰ ਵੀ ਵੰਡਕੇ ਸੰਕਟ ਦੀ ਇਸ ਘੜੀ ਲੋਕਾਂ ਦਾ ਸਾਥ ਦਿੱਤਾ।