ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਐੱਸ.ਡੀ.ਐੱਮ. ਜ਼ੀਰਾ ਸ੍ਰ. ਰਣਜੀਤ ਸਿੰਘ ਅਤੇ ਤਹਿਸੀਲਦਾਰ ਜ਼ੀਰਾ ਬੇਅੰਤ ਸਿੰਘ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦਿਆਂ ਲੋੜਵੰਦ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਮਕਸਦ ਨਾਲ ਮੱਲਾਂਵਾਲਾ ਅਤੇ ਮਖੂ ਵਿਖੇ ਲੋੜਵੰਦ ਲੋਕਾਂ ਨੂੰ ਪੈਨਸ਼ਨਾਂ, ਸੁੱਕੇ ਰਾਸ਼ਨ ਦੀਆਂ ਕਿੱਟਾਂ ਤੇ ਕੱਪੜੇ ਵੰਡੇ ਗਏ।ਇਸ ਮੌਕੇ ਐੱਸ.ਡੀ.ਐੱਮ. ਸ੍ਰ. ਰਣਜੀਤ ਸਿੰਘ ਨੇ ਦੱਸਿਆ ਕਿ ਦੁਨੀਆ ਵਿਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿੱਚ ਇਹੋ ਜਿਹੇ ਲੋੜਵੰਦ ਲੋਕਾਂ ਨੂੰ ਆਪਣਾ ਜੀਵਨ ਗੁਜ਼ਾਰਨਾ ਬਹੁਤ ਔਖਾ ਹੁੰਦਾ ਹੈ, ਕਿਉਂਕਿ ਉਨ੍ਹਾਂ ਦੇ ਘਰ ਵਿੱਚ ਰੁਜ਼ਗਾਰ ਨਾ ਹੋਣ ਕਾਰਨ ਉਹ ਆਪਣੀਆਂ ਘਰੇਲੂ ਜ਼ਰੂਰਤਾਂ ਜਿਵੇਂ ਕਿ ਖਾਣ-ਪੀਣ ਦਾ ਸਮਾਨ ਤੇ ਕੱਪੜੇ ਆਦਿ ਖ਼ਰੀਦਣ 'ਚ ਅਸਮਰਥ ਹੁੰਦੇ ਹਨ। ਇਸ ਲਈ ਇਨ੍ਹਾਂ ਜ਼ਰੂਰਤਮੰਦ ਲੋਕਾਂ ਨੂੰ ਇਸ ਸਮੇਂ ਮਦਦ ਦੀ ਬਹੁਤ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਬੇਸਹਾਰਾ, ਦੁਖੀਆਂ, ਗ਼ਰੀਬਾਂ ਅੰਗਹੀਣਾਂ, ਵਿਧਵਾ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦਦ ਕੀਤੀ ਜਾ ਰਹੀ ਹੈ ਤੇ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਅਤੇ ਰਾਸ਼ਨ ਵੰਡਿਆ ਜਾ ਰਿਹਾ ਹੈ ਜਿਸ ਦਾ ਲੋੜਵੰਦ ਲੋਕ ਭਰਪੂਰ ਫ਼ਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਨਾ ਲੈ ਕੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।