ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਤੋਂ ਬਚਾਅ ਲਈ ਸਭ ਤੋਂ ਪਹਿਲਾਂ ਕੀਤੇ ਉਪਰਾਲਿਆਂ ਸਦਕਾ ਕੋਰੋਨਾ ਵਾਇਰਸ ਨੂੰ ਵੱਡੇ ਪੱਧਰ ਤੇ ਕਾਬੂ ਕੀਤਾ ਗਿਆ ਹੈ ਅਤੇ ਹੁਣ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਹਰੇਕ ਨਾਗਰਿਕ ਦੀ ਸ਼ਮੂਲੀਅਤ ਨਾਲ ਕਾਮਯਾਬ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਡਾਇਰੈਕਟਰ ਸ਼੍ਰੀ ਸੁਭਾਸ਼ ਸੂਦ ਨੇ ਜੀ.ਟੀ. ਰੋਡ ਸਥਿਤ ਬੱਸ ਸਟੈਂਡ ਵਿਖੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਲਗਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ।ਸ਼੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਤ ਕਰ ਰਹੇ ਹਨ ਤਾਂ ਜੋ ਇਸ ਖਤਰਨਾਕ ਮਹਾਂਮਾਰੀ ਦਾ ਖਾਤਮਾ ਹੋ ਸਕੇ। ਉਨ੍ਹਾਂ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਾ ਐਪ ਜਰੂਰ ਡਾਊਨਲੋਡ ਕਰਨ ਜਿਸ ਰਾਹੀਂ ਉਹ ਮਿਸ਼ਨ ਫ਼ਤਿਹ ਨਾਲ ਜੁੜ ਕੇ ਇਸ ਨੂੰ ਸਫਲ ਬਣਾ ਸਕਦੇ ਹਨ।ਸ਼੍ਰੀ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਣਾ ਮੂੰਹ ਤੇ ਨੱਕ ਕੱਪੜੇ ਜਾਂ ਮਾਸਕ ਨਾਲ ਢੱਕ ਕੇ ਰੱਖਣ, ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਆਪਣੇ ਹੱਥ ਸਾਫ ਕਰਨ ਅਤੇ ਸਮਾਜਿਕ ਵਿੱਥ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ।