ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਚਾਰ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਚਾਰ ਐਂਬੂਲੈਂਸਾਂ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਜ਼ ਲਿਮਟਿਡ ਵੱਲੋਂ ਕੋਵਿਡ-19 ਵਿਰੁੱਧ ਸੀਐਸਆਰ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਮੇਅਰ ਜਗਦੀਸ਼ ਰਾਜ ਰਾਜਾ ਵੀ ਮੌਜੂਦ ਸਨ।ਸੰਸਦ ਮੈਂਬਰ ਨੇ ਇਸ ਨੇਕ ਕਾਰਜ ਲਈ ਜ਼ੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਹਾਂਮਾਰੀ ਨਾਲ ਲੜਨ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਵਿਡ -19 ਦੇ ਮਰੀਜ਼ਾਂ ਖ਼ਾਸਕਰ ਗੰਭੀਰ ਰੋਗੀਆਂ ਦੀ ਸਭ ਤੋਂ ਵਧੀਆ ਸੰਭਵ ਦੇਖਭਾਲ ਅਤੇ ਇਲਾਜ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਧਿਆਨ ਬਜ਼ੁਰਗ ਅਤੇ ਗੰਭੀਰ ਬੀਮਾਰੀਆਂ ਵਾਲੇ ਮਰੀਜ਼ਾਂ ਦੀ ਦੇਖਭਾਲ ਵੱਲ ਦਿੱਤਾ ਜਾ ਰਿਹਾ ਹੈ, ਜੋ ਗੰਭੀਰ ਇਹ ਬਿਮਾਰੀ ਹੋਣ ਦੇ ਜ਼ਿਆਦਾ ਜੋਖਮ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸਾਂ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵਿੱਚ ਸਹਾਇਤਾ ਕਰਨਗੀਆਂ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਨੁੱਖੀ ਜਾਨ ਲਈ ਇੱਕ ਵੱਡਾ ਖਤਰਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣ ਨੂੰ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਅੱਜ ਜਦੋਂ ਇਸ ਮਹਾਮਾਰੀ ਨੂੰ ਠੱਲ੍ਹ ਲਈ ਸਮੂਹਿਕ ਯਤਨ ਕਰਨ ਦੀ ਲੋੜ ਹੈ, ਅਜਿਹੇ ਸਮੇਂ ਵਿੱਚ ਜ਼ੀ ਵੱਲੋਂ ਸਹਿਯੋਗ ਕਰਨ 'ਤੇ ਧੰਨਵਾਦ ਕੀਤਾ।ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸਡੀਐਮ ਡਾ. ਜੈ ਇੰਦਰ ਸਿੰਘ, ਕਾਂਗਰਸੀ ਆਗੂ ਸੁੱਖਵਿੰਦਰ ਲਾਲੀ, ਹਨੀ ਜੋਸ਼ੀ ਅਤੇ ਹੋਰ ਮੌਜੂਦ ਸਨ।