ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾ ਸਦਕਾ ਉਮਰਪੁਰਾ ਨਿਵਾਸੀਆਂ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਉਮਰਪੁਰਾ ਵਿਖੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਸਾਂਝੇ ਤੌਰ ’ਤੇ ਬਟਾਲਾ-ਸ੍ਰੀ ਹਰਗੋਬਿੰਦਪੁਰ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਤੱਕ 26.38 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਉੱਪਰ 9.86 ਕਰੋੜ ਰੁਪਏ ਦੀ ਲਾਗਤ ਆਵੇਗੀ।ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਉਮਰਪੁਰਾ ਨਿਵਾਸੀਆਂ ਦੀ ਮੁਸ਼ਕਲ ਦਾ ਨਿਪਟਾਰਾ ਕਰਦਿਆਂ ਪਹਿਲਾਂ ਇਥੇ ਸੀਵਰੇਜ ਪਾ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਕੀਤਾ ਹੈ ਅਤੇ ਹੁਣ ਇਥੇ ਵਧੀਆ ਅਤੇ ਮਜ਼ਬੂਤ ਸੜਕ ਦਾ ਨਿਰਮਾਣ ਕਰਕੇ ਰਾਹਗੀਰਾਂ ਨੂੰ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਹੁਣ ਉਮਰਪੁਰਾ ਵਾਸੀਆਂ ਦੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਹੋ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਮਰਪੁਰਾ ਤੋਂ ਸ੍ਰੀ ਹਰਗੋਬਿੰਦਪੁਰ ਤੱਕ 26.38 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਉੱਪਰ 9.86 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵਿਕਾਸ ਦੇ ਏਜੰਡੇ ਉੱਪਰ ਦਿਨ ਰਾਤ ਕੰਮ ਕਰ ਰਹੀ ਹੈ।
ਇਸ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਮਰਪੁਰਾ ਨਿਵਾਸੀ ਕਈ ਸਾਲਾਂ ਤੋਂ ਸੀਵਰੇਜ ਨਾ ਹੋਣ ਕਾਰਨ ਸੰਤਾਪ ਭੋਗ ਰਹੇ ਸਨ ਅਤੇ ਸੜਕ ਖਸਤਾ ਹਾਲ ਹੋਣ ਕਰਕੇ ਰਾਹਗੀਰਾਂ ਨੂੰ ਵੱਡੀ ਮੁਸ਼ਕਲ ਪੇਸ਼ ਆ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਇਸ ਸੜਕ ਦਾ ਨਿਰਮਾਣ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਉਮਰਪੁਰਾ ਦੇ ਵਸਨੀਕਾਂ ਦੇ ਨਾਲ ਸਮੁੱਚੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਲੋਂ ਇਸ ਸੜਕ ਦਾ ਨਿਰਮਾਣ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ। ਸ. ਲਾਡੀ ਨੇ ਇਸ ਸੜਕ ਦੇ ਨਿਰਮਾਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ।ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੋਸ਼ਨ ਜੌਸਫ, ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਸਵਰਨ ਮੁੱਢ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਦਵਿੰਦਰਪਾਲ ਸਿੰਘ, ਕਸਤੂਰੀ ਲਾਲ, ਰਿੰਕੂ ਬਾਜਵਾ, ਸਿਕੰਦਰ ਸਿੰਘ ਪੀ.ਏ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।