ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕੰਮਾਂ ਨੂੰ ਤਰਜੀਹ ਦੇ ਆਧਾਰ ਉੱਤੇ ਨੇਪਰੇ ਚੜ੍ਹਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਪੇਂਡੂ ਨੌਜਵਾਨਾਂ ਦੀ ਭਲਾਈ ਲਈ ਪੰਜ ਹਾਈ-ਟੈਕ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਗਏ ਆਨਲਾਈਨ ਸਮਾਰੋਹ ਦੌਰਾਨ ਮਾਨਸਾ ਦੇ ਲਾਭਪਾਤਰੀਆਂ ਨੂੰ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਤਹਿਤ ਮਿੰਨੀ ਬੱਸਾਂ ਦੇ ਪਰਮਿਟ ਸੌਂਪਣ ਸਮੇਂ ਕੀਤਾ।ਸ੍ਰੀ ਮਾਨਸ਼ਾਹੀਆ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਆਪਣੀਆਂ ਸੇਵਾਵਾਂ ਪਾਰਦਰਸ਼ਤਾ ਨਾਲ ਪ੍ਰਦਾਨ ਕਰਦਿਆਂ ਲੋਕਾਂ ਨੂੰ ਆਰਸੀ ਤੇ ਡਰਾਇਵਿੰਗ ਲਾਇਸੈਂਸ ਆਨ ਲਾਇਨ ਜਾਰੀ ਕਰਕੇ ਘਰਾਂ ਤੱਕ ਪੁੱਜਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਬੱਚਿਆਂ ਤੇ ਔਰਤਾਂ ਨੂੰ ਸੁਰੱਖਿਅਤ ਯਾਤਰਾ ਸੇਵਾ ਯਕੀਨੀ ਬਣਾਉਣ ਲਈ ਬੱਸਾਂ 'ਚ ਜੀ.ਪੀ.ਐਸ. ਉਪਕਰਨ ਅਤੇ ਐਮਰਜੈਂਸੀ ਬਟਨ ਲਗਵਾਉਣੇ ਲਾਜਮੀ ਕੀਤੇ ਹਨ ਜਦਕਿ ਸੜਕਾਂ ਨੂੰ ਸੁਰੱਖਿਅਤ ਕਰਨ ਤੇ ਵਾਹਨਾਂ ਦਾ ਪ੍ਰਦੂਸ਼ਣ ਘਟਾਉਣ ਲਈ ਵੀ ਉਚੇਚੇ ਯਤਨ ਕੀਤੇ ਹਨ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਹੈ।ਸ੍ਰੀ ਮਾਨਸ਼ਾਹੀਆ ਨੇ ਦੱਸਿਆ ਕਿ ਅੱਜ ਇਹਨਾਂ ਪ੍ਰਾਜੈਕਟਾਂ ਦੌਰਾਨ ਰਾਜ ਵਿੱਚ 3 ਹਜ਼ਾਰ ਮਿੰਨੀ ਬੱਸਾਂ ਦੇ ਰੂਟ ਪਰਮਿਟ ਲੋੜਵੰਦ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਹਨ ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਪਰਮਿਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੱਸਾਂ ਦੇ ਪਰਮਿਟ ਮਿਲਣ ਨਾਲ ਜਿੱਥੇ ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਦੇ ਸਮਰੱਥ ਬਣਨਗੇ ਉਥੇ ਪੇਂਡੂ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਹੋਰ ਬਿਹਤਰ ਸਹੂਲਤਾਂ ਮਿਲਣਗੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਉਪ ਮੰਡਲ ਮੈਜਿਸਟਰੇਟ ਸ਼ਿਖਾ ਭਗਤ ਵੀ ਮੌਜੂਦ ਸਨ।ਇਸ ਤਰ੍ਹਾਂ ਸਰਦੂਲਗੜ੍ਹ ਅਤੇ ਬੁਢਲਾਡਾ ਵਿੱਚ ਵੀ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਪਰਮਿਟਾਂ ਦੀ ਵੰਡ ਕੀਤੀ ਗਈ।