ਡਿਪਟੀ ਕਮਿਸ਼ਨਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੇ ਕੰਮ 'ਚ ਹੋਰ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ
ਕੋਈ ਵੀ ਯੋਗ ਲਾਭਪਾਤਰੀ ਈ-ਕਾਰਡ ਬਣਵਾਉਣ ਤੋਂ ਵਾਂਝਾ ਨਾ ਰਹੇ : ਡਿਪਟੀ ਕਮਿਸ਼ਨਰ
Web Admin
5 Dariya News
ਪਟਿਆਲਾ , 26 Feb 2021
Last updated on: Feb 26, 2021, 00:00 IST
ਪਟਿਆਲਾ ਜ਼ਿਲ੍ਹੇ 'ਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਬੰਧਤ ਵਿਭਾਗਾਂ ਨੂੰ ਕਾਰਡ ਬਣਾਉਣ ਦੇ ਕੰਮ 'ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀ ਹਨ। ਅੱਜ ਡਿਪਟੀ ਕਮਿਸ਼ਨਰ 22 ਫਰਵਰੀ ਤੋਂ ਕਾਰਡ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੀ ਸਮੀਖਿਆ ਕਰ ਰਹੇ ਸਨ, ਇਸ ਮੌਕੇ ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਕੰਮ 'ਚ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਹੁਣ ਤੱਕ 3 ਲੱਖ 16 ਹਜ਼ਾਰ 712 ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣ ਚੁੱਕੇ ਹਨ ਅਤੇ 22 ਫਰਵਰੀ ਨੂੰ 3455 ਨਵੇਂ ਕਾਰਡ, 23 ਫਰਵਰੀ ਨੂੰ 5385, 24 ਫਰਵਰੀ ਨੂੰ 5079 ਤੇ 25 ਫਰਵਰੀ ਨੂੰ 6294 ਨਵੇਂ ਕਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਲਈ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਹਰੇਕ ਯੋਗ ਲਾਭਪਾਤਰੀ ਦਾ ਕਾਰਡ ਬਣ ਸਕੇ ਅਤੇ ਲੋੜ ਪੈਣ 'ਤੇ ਇਸ ਸਕੀਮ ਤਹਿਤ ਲੋੜਵੰਦ 5 ਲੱਖ ਰੁਪਏ (ਕੈਸਲੈਸ) ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣ।ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਈ-ਕਾਰਡ ਬਣਵਾਉਣ ਲਈ ਨੇੜੇ ਦੀਆਂ ਮਾਰਕੀਟ ਕਮੇਟੀਆਂ, ਕਾਮਨ ਸਰਵਿਸ ਸੈਂਟਰਾਂ, (ਸੀ.ਐਸ.ਸੀਜ.) ਤੇ ਸੇਵਾ ਕੇਂਦਰਾਂ 'ਤੇ ਜਾਕੇ ਆਪਣਾ ਕਾਰਡ ਬਣਾ ਸਕਦੇ ਹਨ।ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ।ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਦੁਧਨਸਾਧਾਂ ਅੰਕੁਰ ਦੀਪ ਸਿੰਘ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।