ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਵਿਚ ਕੋਵਿਡ ਮਰੀਜ਼ਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ
ਜ਼ਿਲ੍ਹਾ ਹਸਪਤਾਲ ਵਿਚ ਕੋਵਿਡ ਬੈੱਡਾਂ ਦੀ ਗਿਣਤੀ 30 ਤੋਂ 60 ਕੀਤੀ : ਡਾ. ਆਦਰਸ਼ਪਾਲ ਕੌਰ
Web Admin
5 Dariya News
ਮੋਹਾਲੀ , 16 Apr 2021
Last updated on: Apr 16, 2021, 00:00 IST
ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਸਿਹਤ ਵਿਭਾਗ ਲਗਾਤਾਰ ਉਪਰਾਲੇ ਕਰ ਰਿਹਾ ਹੈ ਜਿਸ ਤਹਿਤ ਜ਼ਿਲ੍ਹਾ ਹਸਪਤਾਲ ਫ਼ੇਜ਼ 6 ਵਿਚਲੇ ਲੈਵਲ-2 ਕੋਵਿਡ ਵਾਰਡ ਵਿਚ ਬੈੱਡਾਂ ਦੀ ਗਿਣਤੀ 30 ਤੋਂ ਵਧਾ ਕੇ 60 ਕਰ ਦਿਤੀ ਗਈ ਹੈ।ਹਸਪਤਾਲ ਵਿਚ ਕੋਵਿਡ-19 ਦੇ ਮਰੀਜ਼ਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹਸਪਤਾਲ ਵਿਚਲੇ ਕੋਵਿਡ ਵਾਰਡਾਂ ਵਿਚ ਮਾਹਰ ਡਾਕਟਰਾਂ ਸਮੇਤ ਹੋਰ ਲੋੜੀਂਦਾ ਸਟਾਫ਼ 24 ਘੰਟੇ ਤੈਨਾਤ ਕਰ ਦਿਤਾ ਗਿਆ ਹੈ। ਮਰੀਜ਼ਾਂ ਨੂੰ ਵਧੀਆ ਖਾਣਾ, ਸਾਫ਼-ਸੁਥਰੀਆਂ ਚਾਦਰਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਤਮਾਮ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਕਿ ਉਹ ਇਸ ਮਹਾਂਮਾਰੀ ’ਤੇ ਆਸਾਨੀ ਨਾਲ ਫ਼ਤਿਹ ਪਾ ਸਕਣ। ਉਨ੍ਹਾਂ ਦਸਿਆ ਕਿ ਢਕੋਲੀ ਦੇ ਸਰਕਾਰੀ ਹਸਪਤਾਲ ਵਿਚ 20 ਬਿਸਤਰਿਆਂ ਵਾਲਾ ਕੋਵਿਡ ਵਾਰਡ ਰਾਖਵਾਂ ਰਖਿਆ ਗਿਆ ਹੈ ਤਾਕਿ ਲੋੜ ਪੈਣ ’ਤੇ ਉਸ ਦੀ ਵਰਤੋਂ ਕੀਤੀ ਜਾ ਸਕੇ। ਇਸ ਤੋਂ ਇਲਾਵਾ ਘੜੂੰਆਂ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਚ 100 ਬਿਸਤਰਿਆਂ ਵਾਲਾ ਲੈਵਲ 1 ਹਸਪਤਾਲ ਪਹਿਲਾਂ ਹੀ ਚੱਲ ਰਿਹਾ ਹੈ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਘਰਾਂ ਵਿਚ ਇਕਾਂਤਵਾਸ ਹੋਏ ਮਰੀਜ਼ਾਂ ਦੀ ਸਿਹਤ ’ਤੇ ਵੀ ਲਗਾਤਾਰ ਨਿਗਰਾਨੀ ਰੱਖ ਰਿਹਾ ਹੈ। ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਪਰ ਮਰੀਜ਼ਾਂ ਨੂੰ ਆਪ ਵੀ ਅਪਣੀ ਸਿਹਤ ’ਤੇ ਲਗਾਤਾਰ ਨਜ਼ਰ ਰਖਦਿਆਂ ਸਿਹਤ ਵਿਭਾਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਵੱਧ ਤੋਂ ਵੱਧ ਟੀਕਾਕਰਨ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਆਖਿਆ ਕਿ ਕੋਵਿਡ ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ ਪੈਂਦਾ ਤੇ ਜਿਹੜੇ ਲੋਕ ਹਾਲੇ ਵੀ ਝਿਜਕ ਵਿਖਾ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ-ਭੈਅ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਵਿਡ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ।ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ ਅਤੇ ਦੋ ਗਜ਼ ਦੀ ਦੂਰੀ ਰਖਣਾ ਬਹੁਤ ਜ਼ਰੂਰੀ ਹੈ। ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਭੀੜ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਜਾਂ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ. ਚੀਮਾ, ਡਾ. ਪੁਨੀਤ ਚੁਚਰਾ, ਡਾ. ਬਬਨਦੀਪ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਆਦਿ ਮੌਜੂਦ ਸਨ।