ਵਿਧਾਇਕ ਅੰਗਦ ਸਿੰਘ ਨੇ ਸੰਭਾਵੀ ਹੜਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
Web Admin
5 Dariya News
ਨਵਾਂਸ਼ਹਿਰ , 22 May 2021
Last updated on: May 22, 2021, 00:00 IST
ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅੰਗਦ ਸਿੰਘ ਵੱਲੋਂ ਡਰੇਨੇਜ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਸਬੰਧਤ ਪਿੰਡਾਂ ਵਿਚ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਬੰਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਬਰਸਾਤੀ ਮੌਸਮ ਦੌਰਾਨ ਦਰਿਆ ਵਿਚ ਪਾਣੀ ਵਧਣ ਨਾਲ ਨਜ਼ਦੀਕੀ ਪਿੰਡਾਂ ਨੂੰ ਨੁਕਸਾਨ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਉਨਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਸੰਭਵ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਨਾਲ ਇਨਾਂ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਉਨਾਂ ਕਿਹਾ ਕਿ ਖਾਸ ਕਰਕੇ ਸੰਵੇਦਨਸ਼ੀਲ ਇਲਾਕਿਆਂ ਵਿਚ ਖਾਸ ਚੌਕਸੀ ਵਰਤੀ ਜਾਵੇ ਅਤੇ ਕਿਸੇ ਵੀ ਹੰਗਾਮੀ ਹਾਲਾਤ ਵਿਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਹੜਾਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਬੰਨ ਦੀ ਨਿਗਰਾਨੀ ਵਿਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।