ਪੰਜਾਬ ਨੰਬਰਦਾਰਾ ਯੂਨੀਅਨ ਦੀ ਰਾਜ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਨੰਬਰਦਾਰ ਤਰਲੋਚਨ ਸਿੰਘ ਮਾਨ ਬਲੌਂਗੀ ਵਾਲਿਆਂ ਦੀ ਅਗਵਾਈ ਹੇਠ 27 ਮਾਰਚ ਨੂੰ ਸਵੇਰੇ 10 ਵਜੇ ਅਨਾਜ ਮੰਡੀ ਫਾਜ਼ਿਕਲਾ ਵਿੱਚ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਤਰਲੋਚਨ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ।
ਸ੍ਰੀ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਤੋਂ ਇਲਾਵਾਂ 30 ਅਪਰੈਲ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਕਿਸੇ ਇਕ ਰਾਜਸੀ ਪਾਰਟੀ ਨੂੰ ਪੂਰਨ ਹਮਾਇਤ ਦੇਣ ਬਾਰੇ ਵੀ ਕੋਈ ਅੰਤਿਮ ਫੈਸਲਾ ਲੈਣ ਬਾਰੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਸਲਾਹ ਮਸਵਰਾਂ ਕੀਤਾ ਜਾਵੇ। ਇਸ ਤੋਂ ਬਾਅਦ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਕੇ ਕਿਸੇ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਣ ਲਈ ਐਲਾਨ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਹਰਬੰਸ ਸਿੰਘ ਈਸਰਹੇਲ ਅਤੇ ਕੁਲਵੰਤ ਸਿੰਘ ਝਾਂਮਪੁਰ ਪ੍ਰਧਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਪੰਜਾਬ ਦੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਟਿੰਗ ਵਿੱਚ ਸਮੇਂ ਸਿਰ ਅਤੇ ਹੁਮ ਹੁੰਮਾ ਕੇ ਪਹੁੰਚਣ।