ਸੰਯੁਕਤ ਸਮਾਜ ਮੋਰਚੇ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪੂਰੀ ਤਾਕਤ ਲਗਉਂਦੇ ਹੋਏ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕਾਂ, ਹਲਕੇ ਦੇ ਨੌਜਵਾਨਾਂ ਅਤੇ ਕਿਸਾਨੀ ਭਾਈਚਾਰੇ ਨੂੰ ਪਿਆਰ ਕਰਨ ਵਾਲੇ ਲੋਕ ਮੌਜੂਦ ਰਹੇ।ਮਾਣਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦੀਆਂ ਵੱਖ ਵੱਖ ਟੀਮਾਂ ਅਤੇ ਉਮੀਦਵਾਰ ਰਵਨੀਤ ਬਰਾਡ਼ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੰਯੁਕਤ ਸਮਾਜ ਮੋਰਚਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।
ਇਸ ਮੌਕੇ ਬੋਲਦਿਆਂ ਬਰਾਡ਼ ਨੇ ਕਿਹਾ ਕਿ ਪੂਰੀ ਤਰ੍ਹਾਂ ਸਪਸ਼ਟ ਹੈ ਕਿ ਮੋਹਾਲੀ ਹਲਕੇ ਦੇ ਲੋਕ ਇਸ ਵਾਰ ਬਦਲਾਓ ਚਾਹੁੰਦੇ ਹਨ ਅਤੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਅੱਕੇ ਹੋਏ ਲੋਕ ਇਸ ਵਾਰ ਸੰਯੁਕਤ ਸਮਾਜ ਮੋਰਚੇ ਨੂੰ ਇਕ ਮੌਕਾ ਦੇਣ ਦੇ ਰੌਂਅ ਵਿੱਚ ਦਿਖਾਈ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਇਆ ਹੈ ਕਿ ਮੋਹਾਲੀ ਦੇ ਸ਼ਹਿਰੀ ਖੇਤਰਾਂ ਵਿੱਚੋਂ ਹਰ ਵਾਰ ਵੋਟ ਪ੍ਰਤੀਸ਼ਤ ਘੱਟ ਹੁੰਦਾ ਹੈ। ਇਸ ਲਈ ਮੈਂ ਅਪੀਲ ਕਰਦਾ ਹਾਂ ਕਿ ਲੋਕ ਵੱਧ ਤੋਂ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲੈਣ ਬੇਸ਼ੱਕ ਉਹ ਕਿਸੇ ਵੀ ਪਾਰਟੀ ਨੂੰ ਵੋਟ ਪਾਉਣ ਪਰ ਹਰੇਕ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨਾ ਚਾਹੀਦਾ ਹੈ। ਅਖੀਰ ਵਿੱਚ ਉਨ੍ਹਾਂ ਮੁੜ ਹਲਕਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਵੋਟ ਬਹੁਤ ਜ਼ਿਆਦਾ ਸੋਚ ਸਮਝ ਕੇ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਉਣ ਕਿਉਂਕਿ ਬਦਲਾਓ ਦਾ ਇਹ ਮੌਕਾ ਪੰਜ ਸਾਲ ਬਾਅਦ ਮਿਲਿਆ ਹੈ ਅਤੇ ਇਸ ਨੂੰ ਹਰ ਕਿਸੇ ਨੂੰ ਬਾਖੂਬੀ ਇਸਤੇਮਾਲ ਕਰਨਾ ਚਾਹੀਦਾ ਹੈ।