ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ, ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਤਹਿਤ ਲੋਕਾਂ ਦੇ ਕੰਮ ਤੈਅ ਸਮੇਂ ਵਿਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ ਅਤੇ ਇਸ ਸਬੰਧੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਪਹੁੰਚ ਕਰ ਕੇ ਉਹਨਾਂ ਦੇ ਕੰਮਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਜੋ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਨ੍ਹਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਧਰਤੀ ’ਤੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣ ਨੂੰ ਉਹ ਇੱਕ ਚੁਣੋਤੀ ਦੀ ਤਰ੍ਹਾਂ ਲੈਣਗੇ ਅਤੇ ਵਿਕਾਸ ਕਾਰਜਾਂ ਦੇ ਮਿਆਰ ਦੀ ਗੁਣਵੱਤਾ ਤੇ ਲੋਕਾਂ ਦੇ ਕੰਮਾਂ ਸਬੰਧੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਰਨਣਯੋਗ ਹੈ ਕਿ ਪਰਨੀਤ ਸ਼ੇਰਗਿੱਲ 2001 ਵਿੱਚ ਪੀ.ਸੀ.ਐਸ.ਵਜੋਂ ਸਰਵਿਸ ਸ਼ੁਰੂ ਕਰਨ ਤਹਿਤ ਐੱਸ ਡੀ ਐੱਮ ਬੱਸੀ ਪਠਾਣਾਂ, ਐੱਸ ਡੀ ਐੱਮ ਸੁਨਾਮ ਤੇ ਐੱਸ ਡੀ ਐੱਮ ਪਾਤੜਾਂ ਵੀ ਰਹੇ। ਉਹ ਵਧੀਕ ਸਕੱਤਰ ਵਾਟਰ ਸਪਲਾਈ ਤੇ ਸੈਨੀਟੇਸ਼ਨ, ਏ.ਸੀ.ਏ ਪੁੱਡਾ, ਇਸ ਦੇ ਨਾਲ ਨਾਲ ਕਰ ਅਤੇ ਆਬਕਾਰੀ ਵਿਭਾਗ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਮਿਲਣ ਤੋਂ ਪਹਿਲਾਂ ਉਹ ਪੀ.ਆਰ.ਟੀ.ਸੀ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪਰਨੀਤ ਸ਼ੇਰਗਿੱਲ ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਉਹਨਾਂ ਦੇ ਪਰਿਵਾਰਕ ਮੈਂਬਰ ਕਰਨਲ ਕਮਿੰਦਰ ਸਿੰਘ, ਸ਼੍ਰੀਮਤੀ ਹਰਿੰਦਰ ਸ਼ੇਰਗਿੱਲ, ਸ੍ਰੀਮਤੀ ਰੂਪਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।