ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਰਹਿੰਦ ਮੰਡੀ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਓਥੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਕੁਝ ਦਿਕਤਾਂ ਧਿਆਨ ਵਿਚ ਲਿਆਂਦੀਆਂ, ਜਿਨ੍ਹਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਉੱਤੇ ਹੀ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਣੀ ਯਕੀਨੀ ਬਣਾਉਣ ਦੇ ਨਾਲ-ਨਾਲ ਫ਼ਸਲ ਦੀ ਅਦਾਇਗੀ ਤੇ ਕਣਕ ਦੀ ਲਿਫਟਿੰਗ ਵੀ ਨਾਲੋ ਨਾਲ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 85535 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 76386 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਸ੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਬਾਰਦਾਨੇ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆ ਰਹੀ। ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕੇ ਲਾਏ ਗਏ ਹਨ ਤਾਂ ਜੋ ਬਾਹਰੋਂ ਕਣਕ ਦੀ ਆਮਦ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਦਰਪੇਸ਼ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਨੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਤੋਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ, ਮਾਜੂ ਦਾਣੇ ਦੀ ਫ਼ੀਸਦ, ਭੁਗਤਾਨ ਅਤੇ ਲਿਫਟਿੰਗ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਐਸ ਡੀ ਐਮ ਸ਼੍ਰੀ ਹਿਮਾਂਸ਼ੂ ਗੁਪਤਾ, ਡੀ ਐੱਫ ਸੀ ਸ਼੍ਰੀਮਤੀ ਰਵਿੰਦਰ ਕੌਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।