ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਨ ਸਾਡੇ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਤੋਂ ਸ਼ਹਿਰ ਨੂੰ ਪਲਾਸਟਿਕ-ਮੁਕਤ ਕਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ " ਸਿਰਫ ਇੱਕ ਧਰਤੀ” ਵਿਸ਼ੇ ਹੇਠ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।
ਇਸ ਮੌਕੇ ਊਨ੍ਹਾਂ ਨਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਪਰਿਤਪਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਓਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਲਾਸਟਿਕ ਸਾਡੇ ਲਈ ਬਹੁਤ ਹੀ ਮਾੜਾ ਪਦਾਰਥ ਹੈ, ਜੋ ਕਿ ਮਨੁੱਖੀ ਜੀਵਨ `ਤੇ ਭਾਰੂ ਪੈ ਰਹੇ ਬਹੁਤ ਸਾਰੇ ਰੋਗਾਂ ਨੂੰ ਜਨਮ ਦੇ ਰਿਹਾ ਹੈ ਅਤੇ ਸਾਨੂੰ ਪਲਾਸਟਿਕ ਦਾ ਪੂਰੀ ਤਰਾਂ ਨਾਲ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾਂ ਦੀ ਰੈਲੀ ਵਰਗੇ ਛੋਟੇ-ਛੋਟੇ ਯਤਨ ਕਰਕੇ ਵਾਤਾਵਰਣ ਦੀ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਸਕਦੇ ਹਾਂ।
ਇਸ ਰੈਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਐਨ.ਐਨ.ਐਸ., ਬਾਟਨੀ ਅਤੇ ਵਾਤਾਵਰਣ ਸਾਇੰਸ ਵਿਭਾਗ, ਸਰੀਰਕ ਸਿਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਰੈਲੀ ਦਾ ਅਯੋਜਨ ਖੇਤਰੀ ਦਫਤਰ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕੀਤਾ ਗਿਆ।
ਇਸ ਮੌਕੇ ਸ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਕੋਸ਼ਿਸ ਲਈ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਰਤੀ ਨੂੰ ਸਿੰਗਲ ਯੂਜ ਪਲਾਸਟਿਕ ਤੋਂ ਮੁਕਤ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਨੂੰ ਪਲੀਤ ਜਾਂ ਪ੍ਰਦੂਸ਼ਿਤ ਹੋਣ ਤੋਂ ਮੁਕਤ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ੍ਰੀਮਤੀ ਅਨੁਰਾਧਾ ਸ਼ਰਮਾ, ਕਾਰਜਕਾਰੀ ਇੰਜੀਨੀਅਰ (ਵਾਤਾਵਰਣ), ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਪ੍ਰੋ. ਭੁਪਿੰਦਰ ਸਿੰਘ ਘੁੰਮਣ, ਮੁਖੀ, ਸਰੀਰਕ ਸਿਖਿਆ ਅਤੇ ਖੇਡ ਤਕਨਾਲੋਜੀ ਵਿਭਾਗ, ਡਾ. ਯਾਦਵਿੰਦਰ ਸਿੰਘ, ਇੰਚਾਰਜ, ਬਾਟਨੀ ਅਤੇ ਵਾਤਾਵਰਣ ਸਾਇੰਸ ਵਿਭਾਗ, ਇੰਜ, ਗੁਰਕਰਨ ਸਿੰਘ ਵਾਲੀਆ ਅਤੇ ਇੰਜ. ਰੂਬਲ ਗੋਇਲ, ਐਸ.ਡੀ.ਓ., ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਤੇ ਯੂਨੀਵਰਸਿਟੀ ਦੇ ਅਧਿਆਪਕ ਅਤੇ ਖੋਜਾਰਥੀ ਮੌਜੂਦ ਸਨ।