ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾਵੇਗੀ ਤੇ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਤਹਿਗੜ੍ਹ ਸਾਹਿਬ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਹੋਣ ਵਾਲੇ ਸਮਾਗਮਾਂ ਤੇ ਜਾਰੀ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਹਰ ਘਰ , ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਦੁਕਾਨਾਂ ਆਦਿ ਤੇ ਤਿਰੰਗਾ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਵੱਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਕੱਢੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਇਸ ਮੌਕੇ ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਇਸ ਸ਼ਹਿਰ ਤੇ ਪੇਂਡੂ ਇਲਾਕਿਆਂ ਵਿੱਚ ਬਣੇ ਚੌਕਾਂ ਅਤੇ ਪੁਲਾਂ ਤੇ ਵਾਲ ਪੇਟਿੰਗ ਕਰਵਾਈ ਜਾਵੇ, ਜਿਸ ਵਿੱਚ ਸਮਾਜ ਨੂੰ ਸੇਧ ਦੇਣ ਵਾਲੀਆਂ ਵੱਖ ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਤਸਵੀਰਾਂ ਬਣਾਈਆਂ ਜਾਣ ਤੇ ਇਨ੍ਹਾਂ ਵਿੱਚ ਆਜਾਦੀ ਦਾ ਮਹਾਂਉਤਸਵ ਸਬੰਧੀ ਲੋਗੋ ਵੀ ਸ਼ਾਮਲ ਹੋਵੇ।
ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਲੋਗੋ ਹੇਠ ਸਕੂਲੀ ਬੱਚਿਆਂ ਦੇ ਪੇਟਿੰਗ, ਲੇਖ, ਕਵਿਤਾਵਾਂ ਸਲੋਗਨ ਅਤੇ ਭਾਸ਼ਣ ਮੁਕਾਬਲੇ ਜਾਰੀ ਰੱਖੇ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।