ਪੁਲਿਸ ਲਾਇਨਜ਼ ਸੰਗਰੂਰ ਦੇ ਸਟੇਡੀਅਮ ’ਚ ਮਨਾਏ ਵਾਲੇ ਜ਼ਿਲਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਸਮਾਰੋਹ ਧੂਮ-ਧਾਮ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦੇ ਨਾਲ-ਨਾਲ ਪੁਲਿਸ ਲਾਇਨਜ਼ ’ਚ ਹੀ ਸਥਿਤ ਸ਼ਹੀਦੀ ਸਮਾਰਕ ਵਿਖੇ ਦੇਸ਼ ਦੀ ਆਜ਼ਾਦੀ, ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫ਼ੁੱਲ ਵੀ ਭੇਂਟ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋ ਇਸ ਜ਼ਿਲਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ।
ਉਨਾਂ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੇ ਆਲੇ ਦੁਆਲੇ ਅਤੇ ਵਿਸ਼ੇਸ਼ ਕਰਕੇ ਸਮਾਰੋਹ ਵਾਲੇ ਸਥਾਨ ’ਤੇ ਵਧੀਆ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਪੁਲਿਸ ਲਾਈਨ ਸਟੇਡੀਅਮ ਸਮਾਰੋਹ ਵਾਲੇ ਸਥਾਨ ਤੇ ਰੰਗ-ਰੋਗਨ, ਲਾਈਟਾਂ, ਨਿਰਵਿਘਨ ਬਿਜਲੀ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ ਸਿਸਟਮ ਆਦਿ ਦੇ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨਾਂ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਡੀ.ਐਸ.ਪੀ. ਅਜੈ ਪਾਲ ਸਿੰਘ, ਡੀ.ਐਸ.ਪੀ. ਰੁਪਿੰਦਰ ਕੌਰ, ਜ਼ਿਲਾ ਸਿਹਤ ਅਫ਼ਸਰ ਡਾ. ਕਿਰਪਾਲ ਸਿੰਘ ਅਤੇ ਜ਼ਿਲਾ ਸਿੱਖਿਆ ਅਫ਼ਸਰ ਕੁਲਤਰਨਜੀਤ ਸਿੰਘ ਵੀ ਹਾਜ਼ਰ ਸਨ।