ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੁਤੰਤਰਤਾ ਦਿਵਸ ਮੌਕੇ ’ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੰਬੀ ਹਲਕੇ ਦੇ ਵਿਧਾਇਕ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਵੀ ਮੌਜੂਦ ਸਨ।
ਇਸ ਮੌਕੇ ਤੇ ਸ. ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ਵਿੱਚ ਹੀ ਕੀਤਾ ਜਾਵੇਗਾ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਬੰਧੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਤੇ ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਸਰਕਾਰ ਵੱਲੋਂ ਵੱਖ-ਵੱਖ ਬਿਮਾਰੀਆਂ ਸਬੰਧੀ 95 ਕਿਸਮ ਦੀਆਂ ਦਵਾਈਆਂ ਮੁਫਤ ਮਿਲਣਗੀਆਂ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਕਿਰਨਦੀਪ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵਰੁਣ ਵਰਮਾ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ. ਡਾ. ਅਮਰਿੰਦਰ ਸਿੰਘ, ਜਸ਼ਨਦੀਪ ਸਿੰਘ ਬਰਾੜ ਇੰਚਾਰਜ ਲੋਕ ਸਭਾ ਹਲਕਾ ਫਿਰੋਜਪੁਰ, ਵਰਿੰਦਰ ਢੋਸੀਵਾਲ ਜਨਰਲ ਸਕੱਤਰ, ਗੁਰਦੀਪ ਸਿੰਘ, ਦਰਸ਼ਨ ਸਿੰਘ, ਦਿਲਬਾਗ ਸਿੰਘ ਵੀ ਮੌਜੂਦ ਸਨ।ਇਸੇ ਤਰ੍ਹਾਂ ਹੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਭੂੰਦੜ ਵਿਖੇ ਵੀ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ।