ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਸਟਾਫ਼ ਤੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਪ ਕੁਲਪਤੀ ਪ੍ਰੋ. ਜੀ. ਐਸ. ਬਾਜਪਾਈ ਨੇ ਰਾਸ਼ਟਰੀ ਤਿਰੰਗਾ ਲਹਿਰਾਇਆ। ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ: ਬਾਜਪਾਈ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰੇਕ ਦੇਸ਼ ਵਾਸੀਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਪ੍ਰੋ: ਬਾਜਪਾਈ ਨੇ ਸਾਰਿਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਅਤੇ ਰਾਸ਼ਟਰਵਾਦ ਵਿੱਚ ਪਰਿਪੱਕ ਹੋਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੇ ਵਿਕਾਸ ਲਈ ਸਹਿਯੋਗ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਪ੍ਰੋ. ਬਾਜਪਾਈ ਨੇ ਦੇਸ਼ ਅਤੇ ਨਾਗਰਿਕਾਂ ਨੂੰ ਆਤਮ-ਨਿਰਭਰ ਬਣਾਉਣ ਲਈ ਭਾਰਤ ਵਿਜ਼ਨ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ। ਉਨ੍ਹਾਂ ਭਾਰਤ ਸਰਕਾਰ ਵੱਲੋਂ 75ਵਾਂ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾਉਣ ਲਈ ਕੀਤੀਆਂ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਹਫ਼ਤੇ ਦੌਰਾਨ ਪਬਲਿਕ ਰਿਲੇਸ਼ਨ ਤੇ ਅੰਗਰੇਜ਼ੀ ਵਿਭਾਗ ਵੱਲੋਂ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆ ਗਈਆਂ।