ਪੰਜਾਬ ਸਰਕਾਰ ਬਾਗਬਾਨੀ ਦੇ ਧੰਦੇ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਸੂਬੇ ਵਿਚਲੀਆਂ ਬਾਗਬਾਨੀ ਦੀਆਂ ਖਾਲੀ ਜ਼ਮੀਨਾਂ ’ਤੇ ਤਾਰਬੰਦੀ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਜ਼ਮੀਨਾਂ ’ਤੇ ਬਾਗਬਾਨੀ ਦਾ ਕੰਮ ਸ਼ੁਰੂ ਕੀਤਾ ਜਾ ਸਕੇ। ਇਹ ਜਾਣਕਾਰੀ ਪੰਜਾਬ ਦੇ ਬਾਗਬਾਨੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਆਮ ਖਾਸ ਬਾਗ ਵਿਖੇ ਬਾਗਬਾਨੀ ਦੇ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ ਲੱਗਭਗ 6 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਸ: ਫੌਜਾ ਸਿੰਘ ਸਰਾਰੀ ਨੇ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ਨੂੰ ਵੀ ਬਾਗਬਾਨੀ ਨਾਲ ਜੋੜਿਆ ਜਾਵੇਗਾ ਇਸ ਨਾਲ ਜਿਥੇ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉਥੇ ਹੀ ਕਿਸਾਨਾਂ ਦੀ ਆਮਦਨ ਵੀ ਦੁੱਗਣੀ ਹੋ ਸਕੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੇ ਮੰਤਵ ਨਾਲ ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਪੱਤਰਕਾਰਾਂ ਵੱਲੋਂ ਬਾਗਬਾਨੀ ਦੀਆਂ ਪੁਰਾਣੀਆਂ ਇਮਾਰਤਾਂ ਦੀ ਖਸਤਾ ਹਾਲਤ ਅਤੇ ਵਿਭਾਗ ਦੀਆਂ ਨਵੀਂਆਂ ਇਮਾਰਤਾਂ ਸਬੰਧੀ ਪੁੱਛੇ ਗਏ ਸਵਾਲ ਵਿੱਚ ਬਾਗਬਾਨੀ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕੰਮ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਜਿਥੇ ਵਿਭਾਗ ਦੀਆਂ ਪੁਰਾਣੀਆਂ ਇਮਾਰਤਾਂ ਦੀ ਮੁਰੰਮਤ ਹੋਣ ਯੋਗ ਹੋਵੇਗੀ ਉਥੇ ਲੋਕ ਨਿਰਮਾਣ ਵਿਭਾਗ ਵੱਲੋਂ ਮੁਰੰਮਤ ਕੀਤੀ ਜਾਵੇਗੀ ਅਤੇ ਜਿਥੇ ਨਵੀਂਆਂ ਇਮਾਰਤਾਂ ਦੀ ਜਰੂਰਤ ਹੈ ਉਥੇ ਨਵੀਂਆਂ ਇਮਾਰਤਾਂ ਵੀ ਬਣਾਈਆਂ ਜਾਣਗੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਬਾਗਬਾਨੀ ਦ਼ਫ਼ਤਰਾਂ ਵਿੱਚ ਸਾਧਨਾਂ ਦੀ ਘਾਟ ਜਿਵੇਂ ਕਿ ਆਉਣ ਜਾਣ ਦੀ ਸਮੱਸਿਆ ਜਾਂ ਘੱਟ ਸਟਾਫ ਦੀ ਸਮੱਸਿਆ ਦਾ ਵੀ ਛੇਤੀ ਹੀ ਹੱਲ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਵੀ ਛੇਤੀ ਹੀ ਭਰੀਆਂ ਜਾਣਗੀਆਂ। ਪੱਤਰਕਾਰਾਂ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਾ ਮਿਲਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਸਰਕਾਰ ਕੋਲ ਫੰਡਾਂ ਦੀ ਘਾਟ ਨਹੀਂ ਹੈ।