ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਮਨਰੇਗਾ ਸਕੀਮ ਤਹਿਤ ਜ਼ਿਲ੍ਹੇ ਦੇ 5 ਬਲਾਕਾਂ ਵਿੱਚ ਬਣਾਏ ਜਾ ਰਹੇ 75 ਸਾਂਝੇ ਜਲ ਤਲਾਬ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਪੰਜਾਬ ਦਾ ਪਹਿਲਾ ਸੂਬਾ ਹੈ ਇਹ ਸਾਂਝੇ ਜਲ ਤਲਾਬ ਬਣਾਉਣ ਤੇ ਕਰੀਬ 1 ਕਰੋੜ 57 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ 15-15 ਸਾਂਝਾ ਜਲ ਤਲਾਬ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 56 ਸਾਂਝਾ ਜਲ ਤਲਾਬ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ 26 ਤਲਾਬ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਤਹਿਤ ਜਿਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇਗੀ ਉਥੇ ਹੀ ਦਿਨੋਂ ਦਿਨ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵੀ ਠੱਲ ਲਗਾਈ ਜਾ ਸਕੇਗੀ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਮਾਜ ਸੇਵੀ ਸੰਸਥਾ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਿੰਡਾਂ ਦੇ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ 75 ਮਾਈਕਰੋ ਜੰਗਲ ਵੀ ਵਿਕਸਤ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਬਣਾਏ ਜਾ ਰਹੇ ਸਾਂਝੇ ਜਲ ਤਲਾਬ ਅਤੇ ਮਾਈਕਰੋ ਜੰਗਲਾਂ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾਣ ਤਾਂ ਜੋ ਪਿੰਡਾਂ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂ ਅਰਬਨ ਸਕੀਮ ਤਹਿਤ ਸੰਘੋਲ ਕਲਸਟਰ ਦੇ 92 ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ 30 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਪ੍ਰੋਜੈਕਟ ਤਹਿਤ ਸ਼ੁਰੂ ਕੀਤੇ ਗਏ 28 ਪ੍ਰੋਜੈਕਟਾਂ ਵਿੱਚੋਂ 12 ਪ੍ਰੋਜੈਕਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਦੋਂ ਕਿ 11 ਪ੍ਰੋਜੈਕਟਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।
ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ਹਿਰਾਂ ਸਰਹਿੰਦ, ਬਸੀ ਪਠਾਣਾ, ਅਮਲੋਹ ਤੇ ਖਮਾਣੋਂ ਵਿਖੇ 27.76 ਕਰੋੜ ਦੀ ਲਾਗਤ ਨਾਲ 07 ਸੀਵਰੇਜ ਟਰੀਟਮੈਂਟ ਪਲਾਂਟ ਵੀ ਲਗਾਏ ਜਾ ਰਹੇ ਹਨ ਤਾਂ ਜੋ ਪਾਣੀ ਨੂੰ ਰੀਚਾਰਜ ਕਰਕੇ ਸਿੰਚਾਈ ਲਈ ਵਰਤਿਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਸਰਹਿੰਦ ਸ਼ਹਿਰ ਵਿਖੇ 4 ਐਮ.ਐਲ.ਡੀ. ਤੇ 5 ਐਮ.ਐਲ.ਡੀ. ਦੀ ਸਮਰੱਥਾ ਵਾਲੇ ਤਿੰਨ ਸੀਵਰੇਜ ਟਰੀਟਮੈਂਟ ਪਲਾਂਟ, ਬਸੀ ਪਠਾਣਾ ਵਿਖੇ 3 ਐਮ.ਐਲ.ਡੀ. ਤੇ 0.2 ਐਮ.ਐਲ.ਡੀ. ਦੀ ਸਮਰੱਥਾ ਵਾਲੇ 02, ਅਮਲੋਹ ਤੇ ਖਮਾਣੋਂ ਵਿਖੇ 3 ਐਮ.ਐਲ.ਡੀ.ਦੀ ਸਮਰੱਥਾ ਵਾਲਾ 1-1 ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਸਿਟ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੌਹਲ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ, ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜੁਗਲ ਕਿਸ਼ੋਰ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫਸਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।