ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਘੁਮਾਣ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਝੋਨੇ ਦੇ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਹਲਕਾ ਵਿਧਾਇਕ ਸਰੀ ਹਰਗੋਬਿੰਦਪੁਰ ਸਾਹਿਬ ਐਡਵੋਕੇਟ ਅਮਰਪਾਲ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਸੁਖਜਿੰਦਰ ਸਿੰਘ ਡੀਐਫਐਸਸੀ ਸਮੇਤ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ 4 ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ, ਜਿਥੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਤੇ ਆੜਤੀਆਂ ਆਦਿ ਨਾਲ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ ਹੈ ਉੁਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਘੁਮਾਣ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਸਾਢੇ 1 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ,ਜਿਸ ਵਿੱਚੋਂ 97 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਹੁਣ ਤੱਕ ਪੰਜਾਬ ਦੇ ਕਿਸਾਨਾਂ ਨੂੰ 15000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨਾਂ ਕਿਹਾ ਇਸਦੇ ਨਾਲ ਹੀ ਝੋਨੇ ਦੀ ਲਿਫ਼ਟਿੰਗ ਨੂੰ ਵੀ ਤੁਰੰਤ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਣਾ ਮੰਡੀ ਘੁਮਾਣ ਵਿਚ ਪਹੁੰਚਣ ਤੇ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮੰਡੀਆਂ ਵਿੱਚ ਪੁਖਤਾ ਪਰਬੰਧ ਕੀਤੇ ਹਨ ਤੇ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਹਿਤ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਹਰੇਕ ਵਰਗ ਦੇ ਲੋਕ ਖੁਸ਼ ਹਨ ਅਤੇ ਸਰਕਾਰ ਸਰਬਪੱਖੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ।