ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਦੋ ਦਿਨਾ 7ਵੇਂ ਸਪਾਰਕ ਕਰੀਅਰ ਗਾਈਡੈਂਸ ਮੇਲੇ ਦਾ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿੱਤਾ ਮਾਹਰਾਂ ਪਾਸੋਂ ਕਰੀਅਰ ਸਬੰਧੀ ਮਾਰਗਦਰਸ਼ਨ ਪ੍ਰਾਪਤ ਕਰਨ ਲਈ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਬੁੱਧਵਾਰ ਸਵੇਰੇ ਵਿਦਿਆਰਥੀਆਂ ਵੱਲੋਂ ਤਾੜੀਆਂ ਦੀ ਗੜਗੜਾਹਟ ਵਿੱਚ ਸਪਾਰਕ ਮੇਲੇ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਦੌਰਾਨ ਸਿੱਖਿਆ ਨੂੰ ਵਿਅਕਤੀ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਸਿੱਖਿਆ ਵਿਅਕਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੇ ਨਵੇਂ ਦਰਵਾਜ਼ੇ ਵੀ ਖੋਲ੍ਹਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਹੀ ਕਿੱਤੇ ਦੀ ਚੋਣ ਲਈ ਮਾਰਗਦਰਸ਼ਨ ਦੇਣ ਖਾਤਰ ਇਹ ਮੈਗਾ ਸਮਾਗਮ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਦਿਆਂ ਸਮਾਗਮ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਪਾਰਕ-ਕਰੀਅਰ ਗਾਈਡੈਂਸ ਮੇਲਾ ਜ਼ਿਲ੍ਹੇ ਦੇ ਨੌਜਵਾਨਾਂ ਦੇ ਕਰੀਅਰ ਨੂੰ ਸਹੀ ਦਿਸ਼ਾ ਦੇਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਨੌਜਵਾਨਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਖਾਤਰ ਭਵਿੱਖ ਵਿੱਚ ਅਜਿਹੇ ਹੋਰ ਸਮਾਗਮ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਸਪਾਰਕ ਮੇਲੇ ਤੋਂ ਲਾਭ ਲੈਣ ਵਾਲੇ ਵਿਦਿਆਰਥੀ ਭਵਿੱਖ ਵਿੱਚ ਨਵੀਆਂ ਬੁਲੰਦੀਆਂ ਨੂੰ ਛੋਹਣਗੇ ਅਤੇ ਨਵਾਂ ਇਤਿਹਾਸ ਲਿਖਣਗੇ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵੱਖ-ਵੱਖ ਕਿੱਤਾ ਮਾਹਰਾਂ ਵੱਲੋਂ ਦਿੱਤੀ ਗਈ ਸੇਧ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਨੂੰ ਸਿਰਜਣ ਵਿੱਚ ਸਹਾਈ ਹੋਵੇਗੀ।ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ, ਲਗਨ ਤੇ ਦ੍ਰਿੜਤਾ ਦੇ ਤਿੰਨ ਸੁਨਹਿਰੀ ਸਿਧਾਂਤਾਂ ਦੇ ਨਾਲ-ਨਾਲ ਅਨੁਸ਼ਾਸਨ ਨੂੰ ਵੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਵਿੱਚ ਮਦਦ ਮਿਲੇਗੀ।ਇਸ ਮੌਕੇ ਐਸ.ਡੀ.ਐਮ. ਡਾ. ਜੈ ਇੰਦਰ ਸਿੰਘ ਤੇ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਪੰਕਜ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੀਵ ਜੋਸ਼ੀ, ਸਵੀਪ ਨੋਡਲ ਅਫ਼ਸਰ ਸੁਰਜੀਤ ਲਾਲ ਅਤੇ ਸਕੱਤਰ ਰੈਡ ਕਰਾਸ ਸੁਸਾਇਟੀ ਇੰਦਰ ਦੇਵ ਸਿੰਘ ਮਿਨਹਾਸ ਵੀ ਮੌਜੂਦ ਸਨ।
ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਦੇ ਵੱਖ-ਵੱਖ ਸੱਭਿਆਚਾਰਾਂ ਦੀ ਝਾਕੀ ਪੇਸ਼ ਕੀਤੀ ਗਈ । ਐਚ.ਐਮ.ਵੀ. ਕਾਲਜ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ ਅਤੇ ਮਾਈਮ, ਆਈ.ਵੀ.ਵਾਈ. ਵਰਲਡ ਸਕੂਲ ਵੱਲੋਂ ਸੱਭਿਆਚਾਰਕ ਗਤੀਵਿਧੀ, ਐਸ.ਡੀ. ਫੁਲਰਵਾਨ ਸਕੂਲ ਵੱਲੋਂ ਗਿੱਧਾ ਅਤੇ ਡੀ.ਏ.ਵੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ।