ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੰਨੇ ਦੇ ਪਿੜਾਈ ਸੀਜ਼ਨ ਨੂੰ ਲੈ ਕੇ ਅੱਜ ਜ਼ਿਲ੍ਹੇ ਦੀਆਂ ਸਰਕਾਰੀ ਅਤੇ ਨਿੱਜੀ ਖੰਡ ਮਿੱਲਾਂ ਦੇ ਪ੍ਰਬੰਧਕਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਂਮਬਾ, ਮੁੱਖ ਖੇਤੀਬਾੜੀ ਅਫ਼ਸਰ ਡਾ.ਕ੍ਰਿਪਾਲ ਸਿੰਘ ਢਿਲੋਂ, ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਜੀ.ਐੱਮ. ਸ੍ਰੀ ਪਵਨ ਕੁਮਾਰ ਭੱਲਾ, ਸਹਿਕਾਰੀ ਖੰਡ ਮਿੱਲ ਬਟਾਲਾ ਦੇ ਜੀ.ਐੱਮ ਸ. ਅਰਵਿੰਦਰਪਾਲ ਸਿੰਘ ਕੇਰੋਂ ਅਤੇ ਨਿੱਜੀ ਖੰਡ ਮਿੱਲ ਕਿੜੀ ਤੇ ਮੁਕੇਰੀਆਂ ਦੇ ਪ੍ਰਬੰਧਕ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੰਡ ਮਿੱਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਗੰਨੇ ਦੀ ਪਿੜਾਈ ਲਈ ਬਣਾਏ ਕੈਲੰਡਰ ਅਨੁਸਾਰ ਹੀ ਕਿਸਾਨਾਂ ਨੂੰ ਪਰਚੀਆਂ ਦੀ ਵੰਡ ਕਰਨ। ਉਨ੍ਹਾਂ ਕਿਹਾ ਕਿ ਕੈਲੰਡਰ ਸਿਸਟਮ ਪੂਰੀ ਤਰਾਂ ਪਾਰਦਰਸ਼ੀ ਹੋਣਾ ਚਾਹੀਦਾ ਹੈ ਅਤੇ ਕਿਸੇ ਕਿਸਮ ਦੀ ਸਿਫ਼ਾਰਸ਼ ਆਦਿ ਮੰਨ ਕੇ ਕੈਲੰਡਰ ਨੂੰ ਤੋੜਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ 15 ਦਿਨਾਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਮਿੱਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਮਿੱਲਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮਿੱਲ ਪ੍ਰਬੰਧਕ ਗੰਨੇ ਦੀਆਂ ਟਰਾਲੀਆਂ ਨੂੰ ਆਪਣੇ ਯਾਰਡ ਵਿੱਚ ਹੀ ਲਗਾਉਣ ਅਤੇ ਮਿੱਲ ਤੋਂ ਬਾਹਰ ਸੜਕਾਂ ਕਿਨਾਰੇ ਟਰਾਲੀਆਂ ਨੂੰ ਖੜ੍ਹਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਹਾਜ਼ਰ ਹੈ ਅਤੇ ਕਿਸਾਨਾਂ ਨੂੰ ਖੰਡ ਮਿੱਲਾਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਿੱਲਾਂ ਵਿੱਚ ਗੰਨਾ ਲਿਜਾਣ ਸਮੇਂ ਟਰਾਲੀਆਂ ਦੇ ਪਿੱਛੇ ਰਿਫਲੈਕਟਰ ਜਰੂਰ ਲਗਾਉਣ ਤਾਂ ਜੋ ਧੁੰਦ ਜਾਂ ਹਨੇਰੇ ਕਾਰਨ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਟਾਲਾ ਅਤੇ ਗੁਰਦਾਸਪੁਰ ਖੰਡ ਮਿੱਲਾਂ ਦੀ ਸਮਰੱਥਾ ਵਧਾਉਣ ਦੇ ਚੱਲ ਰਹੇ ਕੰਮ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਅਪ੍ਰੈਲ 2023 ਤੱਕ ਦੋਵੇਂ ਮਿੱਲਾਂ ਦੇ ਅਪਗਰੇਡੇਸ਼ਨ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਅਗਲੇ ਸੀਜ਼ਨ ਤੋਂ ਪਹਿਲਾਂ ਇਹ ਦੋਵੇਂ ਖੰਡ ਮਿੱਲਾਂ ਆਪਣੀ ਪੂਰੀ ਸਮਰੱਥਾ ਨਾਲ ਗੰਨੇ ਦੀ ਪਿੜਾਈ ਲਈ ਤਿਆਰ ਹੋ ਸਕਣ।