ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਵੱਲੋਂ ਸਥਾਨਕ ਅੰਬੇਡਕਰ ਭਵਨ ਵਿਖੇ ‘ਵੀਰਤਾ ਅਤੇ ਵਿਕਾਸ ਦੀ ਕਹਾਣੀ’ ਸਿਰਲੇਖ ਹੇਠ ਚਾਰ ਰੋਜ਼ਾ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ।ਇਹ ਪ੍ਰਦਰਸ਼ਨੀ ਕੇਂਦਰ ਸਰਕਾਰ ਦੀਆਂ ਲੋਕ ਹਿੱਤਾਂ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਅਤੇ 1971 ਦੀ ਜੰਗ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਗੌਰਵ ਗਾਥਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੀ ਸੋਚ ਨਾਲ ਲਗਾਈ ਗਈ ਹੈ।
ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਅਤੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਵੱਲੋਂ ਕੀਤਾ ਗਿਆ। ਇਸ ਦੌਰਾਨ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ ਅਤੇ ਤਹਿਸੀਲਦਾਰ ਬਾਦਲਦੀਨ ਵੀ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਦਰਸ਼ਨੀ ਲਗਾਉਣ ਲਈ ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਦੇ ਯਤਨਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਦਰਸਾਉਂਦੀਆਂ ਅਜਿਹੀਆਂ ਪ੍ਰਦਰਸ਼ਨੀਆਂ ਸਮੇਂ ਦੀ ਲੋੜ ਹੈ, ਜਿਹੜੀਆਂ ਨੌਜਵਾਨ ਪੀੜ੍ਹੀ ਨੂੰ ਸਾਡੇ ਫ਼ੌਜੀਆਂ ਅਤੇ ਅਰਧ ਸੈਨਿਕ ਬਲਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਤੋਂ ਜਾਣੂ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਜ਼ਿਲ੍ਹੇ ਵਿੱਚ ਲਾਗੂ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲੋਕ ਲਾਭ ਵੱਡੀ ਗਿਣਤੀ ਵਿਚ ਲਾਭਪਾਤਰੀ ਉਠਾ ਰਹੇ ਹਨ।
ਇਸ ਪ੍ਰਦਰਸ਼ਨੀ ਵਿੱਚ ਭਾਰਤ ਸਰਕਾਰ ਦੀਆਂ ਵੱਖ-ਵੱਖ ਵੱਡੀਆਂ ਸਕੀਮਾਂ ਨੂੰ ਇਨਫੋਗ੍ਰਾਫਿਕਸ ਰਾਹੀਂ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਫਤਹਿਗੜ੍ਹ ਸਾਹਿਬ ਵਿੱਚ ਲਾਗੂ ਕੇਂਦਰੀ ਸਕੀਮਾਂ ਅਤੇ 1971 ਦੀ ਭਾਰਤ-ਪਾਕਿਸਤਾਨ ਜੰਗ ਨਾਲ ਸਬੰਧਤ ਤਸਵੀਰਾਂ ਸ਼ਾਮਲ ਹਨ। 1971 ਦੀ ਇਸ ਇਤਿਹਾਸਕ ਜੰਗ ਦੌਰਾਨ ਇੱਕ ਨਵੇਂ ਦੇਸ਼ ਬੰਗਲਾਦੇਸ਼ ਦਾ ਜਨਮ ਹੋਇਆ ਸੀ।
ਇਹ ਇੱਕ ਅਜਿਹਾ ਯੁੱਧ ਸੀ ਜਿਸ ਵਿੱਚ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਸਮੇਤ ਭਾਰਤੀ ਹਥਿਆਰਬੰਦ ਬਲਾਂ ਨੇ ਉੱਚ ਪੱਧਰੀ ਪੇਸ਼ੇਵਰਤਾ, ਦ੍ਰਿੜਤਾ ਅਤੇ ਰਣਨੀਤਕ ਯੋਜਨਾਬੰਦੀ ਦੇ ਨਾਲ ਇੱਕ ਸਮਕਾਲੀ ਕੋਸ਼ਿਸ਼ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਸੀ। ਇਸ ਸਾਲ ਭਾਰਤ ਇਸ ਜੰਗ ਦਾ 51ਵਾਂ ਵਿਜੇ ਦਿਵਸ ਮਨਾ ਰਿਹਾ ਹੈ।
ਖੇਤਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਨੇ ਕਿਹਾ ਕਿ ਪ੍ਰਦਰਸ਼ਨੀ ਲੋਕਾਂ ਨੂੰ ਇਹ ਸਮਝਾਉਣ ਵਿੱਚ ਮਦਦ ਕਰੇਗੀ ਕਿ ਕਿਵੇਂ ਸਾਡਾ ਦੇਸ਼ ਵੱਖ-ਵੱਖ ਪੱਧਰਾਂ 'ਤੇ ਤਰੱਕੀ ਕਰ ਰਿਹਾ ਹੈ ਅਤੇ ਮਹਿਲਾ ਸਸ਼ਕਤੀਕਰਨ ਸਮੇਤ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵਧੀਆ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਭਾਰਤ ਦੇ ਗੌਰਵਮਈ ਇਤਿਹਾਸ ਦੀ ਸਾਂਭ-ਸੰਭਾਲ, ਭਾਰਤੀ ਵਿਰਾਸਤ ਦੀ ਵਾਪਸੀ, ਡਿਜੀਟਲ ਲੈਣ-ਦੇਣ, ਮੇਕ ਇਨ ਇੰਡੀਆ ਪ੍ਰੋਗਰਾਮ ਤਹਿਤ ਰੱਖਿਆ ਖੇਤਰ ਵਿੱਚ ਸਵਦੇਸ਼ੀ ਉਤਪਾਦਨ ਦੀਆਂ ਪ੍ਰਾਪਤੀਆਂ, ਦੂਰ-ਦੁਰਾਡੇ ਇਲਾਕਿਆਂ ਵਿੱਚ ਕਰੋੜਾਂ ਘਰਾਂ ਤੱਕ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਹਰ ਘਰ ਜਲ ਮਿਸ਼ਨ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਦਾ ਵਰਣਨ ਫੋਟੋ ਪ੍ਰਦਰਸ਼ਨੀ ਦੌਰਾਨ ਪ੍ਰਦਰਸ਼ਿਤ ਕੀਤਾ ਗਿਆ ਹੈ।