ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਸੂਬੇ ਅੰਦਰ 400 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਾੜਾ ਸਰਹਿੰਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਹੱਸਦਾ, ਖੇਡਦਾ ਤੇ ਸਿਹਤਮੰਦ ਬਣਾਉਣਾ ਦਾ ਤਹੱਈਆ ਕੀਤਾ ਹੈ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਮ ਆਦਮੀ ਕਲੀਨਿਕ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 122 ਕਿਸਮ ਦੀਆਂ ਵੱਖ-ਵੱਖ ਦਵਾਈਆਂ ਮੁਫਤ ਮਿਲਣਗੀਆਂ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਣਗੇ ਜਿਸ ਨਾਲ ਲੋਕਾਂ ਦਾ ਆਰਥਿਕ ਬੋਝ ਘੱਟ ਹੋਵੇਗਾ।
ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਅਸੀਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਕੀਤੇ ਗਏ ਸਾਰੇ ਵਾਅਦੇ 100 ਫੀਸਦੀ ਪੂਰੇ ਕੀਤੇ ਜਾਣਗੇ।
ਉਨ੍ਹਾਂ ਹੋਰ ਕਿਹਾ ਕਿ ਜਿਸ ਤਰ੍ਹਾਂ ਸੂਬੇ ਅੰਦਰ 400 ਨਵੇਂ ਆਮ ਆਦਮੀ ਕਲੀਨਿਕ ਬਣਾ ਕੇ ਲੋਕਾਂ ਨੁੰ ਦਿੱਤੀ ਗਈ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ ਉਸੇ ਤਰ੍ਹਾਂ ਪਹਿਲਾਂ ਮੁਫਤ ਬਿਜਲੀ ਦੇਣ ਦੀ ਕੀਤੀ ਗਈ ਗਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ 86 ਫੀਸਦੀ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿਲ ਜੀਰੋ ਆਏ ਹਨ।
ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਲੋਕਾਂ ਤੇ ਕੋਈ ਅਹਿਸਾਨ ਨਹੀਂ ਕੀਤਾ ਸਗੋਂ ਪੰਜਾਬੀਆਂ ਦੇ ਚੇਹਰਿਆਂ ਤੇ ਮੁੜ ਖੁਸ਼ੀਆਂ ਲਿਆਉਣ ਲਈ ਸਾਡੇ ਵੱਲੋਂ ਕੀਤਾ ਗਿਆ ਇਹ ਇੱਕ ਉਪਰਾਲਾ ਹੈ।ਸ. ਰਾਏ ਨੇ ਹੋਰ ਕਿਹਾ ਕਿ ਸਾਡੇ ਵਿਰੋਧੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਵੇਖਕੇ ਡਰ ਗਏ ਹਨ ਜਿਸ ਕਾਰਨ ਉਹ ਬੇਤੁਕੀ ਬਿਆਨਬਾਜੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਪਹਿਲੇ 10 ਮਹੀਨਿਆਂ ਵਿੱਚ ਹੀ ਲਗਭਗ 25000 ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ ਜਦੋਂ ਕਿ ਵਿਰੋਧੀ ਪਾਰਟੀਆਂ ਅਜਿਹਾ ਨਹੀਂ ਕਰ ਸਕੀਆਂ। ਉਨ੍ਹਾਂ ਇਹ ਵੀ ਕਿਹਾ ਕਿ ਅਜੇ ਵੀ ਬਹੁਤ ਅਜਿਹੇ ਕਾਰਜ ਹਨ ਜੋ ਕਿ ਕਰਨੇ ਬਾਕੀ ਹਨ ਅਤੇ ਲੋਕਾਂ ਨੂੰ ਹੋਰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ: ਵਿਜੈ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਾੜਾ ਸਰਹਿੰਦ ਵਿਖੇ, ਭਮਾਰਸੀ ਬੁਲੰਦ, ਸੰਗਤਪੁਰ ਸੋਢੀਆਂ, ਮੂਲੇਪੁਰ, ਨਬੀਪੁਰ, ਬਲਾੜੀ ਅਤੇ ਭਗੜਾਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ ਬਣਾਏ ਗਏ ਤਿੰਨ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 27000 ਲੋਕਾਂ ਨੇ ਮੁਫਤ ਇਲਾਜ ਕਰਵਾਇਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਬਣਨ ਨਾਲ ਜ਼ਿਲ੍ਹਾ ਹਸਪਤਾਲਾਂ ਤੇ ਲੱਗਣ ਵਾਲੀਆਂ ਲਾਈਨਾਂ ਤੋਂ ਵੀ ਛੁਟਕਾਰਾ ਮਿਲੇਗਾ ਅਤੇ ਬਹੁਤੇ ਨਾਗਰਿਕ ਇਨ੍ਹਾਂ ਕਲੀਨਿਕਾਂ ਰਾਹੀਂ ਹੀ ਤੰਦਰੁਸਤ ਹੋ ਸਕਣਗੇ।
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਐਮ.ਓ. ਡਾ: ਹਰਚੰਦ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ, ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ ਸ਼੍ਰੀ ਗੁਰਵਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜੁਆਇੰਟ ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਜ਼ਿਲ੍ਹਾ ਟੀ.ਬੀ. ਅਫਸਰ ਡਾ: ਰਾਜੇਸ਼ ਕੁਮਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਪਤਵੰਤੇ ਮੌਜ਼ੂਦ ਸਨ।