ਰੂਪਨਗਰ ਹਲਕਾ ਵਿਧਾਇਕ ਦਿਨੇਸ਼ ਕੁਮਾਰ ਚੱਢਾ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸ਼ਹਿਰ ਦੀਆਂ ਖੇਤੀਬਾੜੀ ਸਬੰਧੀ ਚੱਲ ਰਹੀਆਂ ਸਕੀਮਾਂ ਤੇ ਕਾਰਜਾਂ ਉੱਤੇ ਵਿਸਥਾਰ ਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਆਰਥਿਕ ਤੌਰ ਉਤੇ ਟਿਕਾਊ ਅਤੇ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਲਈ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਲਗਾਤਾਰ ਯਤਨਸ਼ੀਲ ਹੈ।
ਐਡਵੋਕੇਟ ਚੱਢਾ ਨੇ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਦੀਆਂ ਖੇਤੀ ਨਾਲ ਸਬੰਧਿਤ ਮੁਸ਼ਕਿਲਾਂ ਨੂੰ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਕੇ ਇਸ ਧੰਦੇ ਨੂੰ ਕਿਸਾਨਾਂ ਲਈ ਵੱਧ ਤੋਂ ਵੱਧ ਲਾਹੇਵੰਦ ਬਣਾਉਣ ਦਾ ਯਤਨ ਕੀਤਾ ਜਾਵੇ। ਉਨ੍ਹਾਂ ਵਿਭਾਗ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਖੇਤੀਬਾੜੀ ਸੰਦਾਂ ਦੀ ਸਬਸਿਡੀ ਸਬੰਧੀ ਸਕੀਮਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੀ ਤੇਜੀ ਨਾਲ ਥੱਲੇ ਡਿੱਗਦਾ ਜਾ ਰਿਹਾ ਹੈ ਜਿਸ ਨੂੰ ਰੋਕਣ ਲਈ ਫੌਰੀ ਤੌਰ ਤੇ ਫਸਲੀ ਵਿਭਿੰਨਤਾ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਤੇਲਬੀਜ਼ ਫਸਲਾਂ ਇਸ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੋਅ ਆਦਿ ਸੰਦਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ ਬਾਰੇ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਭ ਸੰਭਾਲ ਕਰਨ ਬਾਰੇ ਆਮ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੌਦ ਸੁਰੱਖਿਆ ਅਫਸਰ ਰੂਪਨਗਰ ਡਾ. ਰਣਜੋਧ ਸਿੰਘ, ਖੇਤੀਬਾੜੀ ਅਫਸਰ ਡਾ. ਰਣਯੋਧ ਸਿੰਘ, ਡਾ. ਪੰਕਜ ਸਿੰਘ, ਬਲਾਕ ਖੇਤੀਬਾਡ਼ੀ ਅਫਸਰ ਡਾ.ਰਮਨ ਕਰੋੜੀਆ ਅਤੇ ਵਿਭਾਗ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।