ਸੂਬੇ ਅੰਦਰ ਜਿਥੇ ਝੋਨੇ ਦੀ ਲਵਾਈ ਦਾ ਸ਼ੀਜਨ ਚੱਲ ਰਿਹਾ ਹੈ ਉਥੇ ਹੀ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲਗਾਤਾਰ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸੂਬਾ ਵਾਸੀਆਂ ਨੂੰ ਬਿਨ੍ਹਾਂ ਕਿਸੇ ਕੱਟ ਤੋਂ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਘੰਟਿਆਂਬੱਧੀ ਕੱਟ ਲੱਗ ਰਹੇ ਹਨ ਅਤੇ ਲੋਕ ਮਾਨ ਸਰਕਾਰ ਝੂਠੇ ਦਾਅਵਿਆਂ ਤੋਂ ਦੁਖੀ ਨਜ਼ਰ ਆ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਜੋ ਕਿ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਹੁਣ ਪੰਜਾਬ ਦੇ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪੰਜਾਬ ਅੰਦਰ ਰੋਜਾਨਾ ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਉਨ੍ਹਾਂ ਤੋਂ ਸਿੱਧ ਹੁੰਦਾ ਹੈ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਮੁਹੱਇਆ ਕਰਵਾਉਣ ’ਚ ਅਸਫਲ ਹੋ ਰਹੀ ਹੈ ਅਤੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਤਣਾਅਪੂਰਨ ਬਣੀ ਹੋਈ ਹੈ। ਗੋਲਡੀ ਨੇ ਅੱਗੇ ਕਿਹਾ ਕਿ ਜਿਸ ਢੰਗ ਦੀ ਸ਼ਬਦਾਵਲੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਅੰਦਰ ਵਰਤੀ ਜਾ ਰਹੀ ਹੈ ਉਹ ਵੀ ਬੇਹੱਦ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਵਾਲਿਆਂ ਦੇ ਝੂਠੇ ਲਾਅਰਿਆਂ ਤੋਂ ਦੁਖੀ ਹੋ ਚੁੱਕੇ ਹਨ ਅਤੇ 2024 ਦੀਆਂ ਚੋਣਾਂ ’ਚ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਭਾਜਪਾ ਨੂੰ ਵੋਟਾਂ ਪਾ ਕੇ ਡਬਲ ਇੰਜਣ ਦੀ ਸਰਕਾਰ ਲਿਆ ਕੇ ਸੂਬੇ ਦੇ ਸਰਬਪੱਖੀ ਵਿਕਾਸ ’ਚ ਲੋਕ ਆਪਣਾ ਯੋਗਦਾਨ ਪਾਉਣਗੇ।