ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ, ਖੜੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਅਤੇ ਇਸ ਟੀਚੇ ਨੂੰ ਹਾਸਿਲ ਕਰਨ ਲਈ ਸਿਹਤ ਵਿਭਾਗ ਦੀਆਂ 37 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਕਿਹਾ ਕਿ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕਰਨ ਦਾ ਮੁੱਖ ਮੰਤਵ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰੀਆਂ ਦੇ ਫੈਲਣ ਨੂੰ ਰੋਕਣਾ ਹੈ, ਜਿਸ ਲਈ ਇਹ ਟੀਮਾਂ ਲੋੜ ਅਨੁਸਾਰ ਵੱਖ-ਵੱਖ ਥਾਵਾਂ ਉਤੇ ਜਾ ਕੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਉਨ੍ਹਾਂ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਵਾਉਣ ਵਾਲੇ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਪ ਸਭ ਦੇ ਸਹਿਯੋਗ ਨਾਲ ਹੀ ਅਸੀਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕਰਨ ਵਿਚ ਸਫਲ ਹੋਏ ਹਾਂ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਨਿਰੰਤਰ ਘੱਟ ਰਿਹਾ ਹੈ ਜਿਸ ਨਾਲ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਾ. ਪਰਮਿੰਦਰ ਕੁਮਾਰ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਸਪਰੇਅ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਦੇ ਹਰ ਇਲਾਕੇ ਵਿਚ ਫੋਗਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾ ਕਿਹਾ ਹੈ ਕਿ ਜਿਸ ਜਗ੍ਹਾ ਉਤੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਉਤੇ ਕਾਲਾ ਇੰਜਣ ਤੇਲ ਜਾਂ ਨਾ ਖਾਣਯੋਗ ਰਿਫਾਇੰਡ ਤੇਲ ਸੁੱਟ ਕੇ ਮੱਛਰਾਂ ਦੀ ਪੈਦਾਵਾਰ ਨੂੰ ਤੁਰੰਤ ਰੋਕਿਆ ਜਾ ਸਕਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਪਾਣੀ ਕਿਸੇ ਸਾਫ ਤੇ ਸੁਰੱਖਿਅਤ ਸਰੋਤ ਤੋਂ ਹੀ ਪੀਵੋ। ਸਟੋਰ ਕੀਤੇ ਪਾਣੀ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਹੱਥ ਜ਼ਰੂਰ ਧੋਵੋ।
ਭੋਜਨ ਨੂੰ ਚੰਗੀ ਤਰ੍ਹਾਂ ਪਕਾਓ ਅਤੇ ਇਸਨੂੰ ਸਹੀ ਤਾਪਮਾਨ ਤੇ ਸਟੋਰ ਕਰੋ। ਭੋਜਨ ਦੀ ਰਹਿੰਦ-ਖੂੰਦ ਦਾ ਸਹੀ ਢੰਗ ਨਾਲ ਨਿਪਟਾਰਾ ਕਰੋ।
ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਜਰੂਰ ਹੋਵੇ, ਪਖਾਨਾ ਜਾਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਵੋ। ਬੱਚਿਆਂ ਨੂੰ ਹੜ੍ਹ ਦੇ ਪਾਣੀ ਵਿੱਚ ਤੁਰਨ ਤੋਂ ਰੋਕੋ।ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਮੱਛਰਦਾਨੀ ਦੀ ਵਰਤੋਂ ਕਰੋ।ਇਨਫੈਕਸ਼ਨ ਦੇ ਲੱਛਣ ਸਾਹਮਣੇ ਆਉਣ ਤੇ ਡਾਕਟਰ ਨਾਲ ਮਸ਼ਵਰਾ ਕਰੋ।
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈਕਅਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਲੋੜਪੈਣ ’ਤੇ। 01881-227241 ’ਤੇ ਫੋਨ ਕਰਕੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਟੋਲ ਫਰੀ ਹੈਲਪਲਾਇਨ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।