ਜ਼ਿਲ੍ਹਾ ਪੱਧਰ ਉੱਤੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ 2023 ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 15 ਅਗਸਤ ਨੂੰ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ (ਜਿੰਪਾ) ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਸਮਾਗਮ ਦੀਆਂ ਫਾਈਨਲ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਜੋ ਡਿਊਟੀ ਸੌਂਪੀ ਗਈ ਹੈ ਉਹ ਪੂਰੀ ਜ਼ਿੰਮੇਵਾਰੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਤੇ ਸਮਾਗਮ ਦੀ ਸਫ਼ਲਤਾ ਲਈ ਤਨੋ-ਮਨੋਂ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚਾਰੂ ਆਵਾਜਾਈ ਮੁਹੱਈਆ ਕਰਵਾਉਣ ਲਈ ਪਾਰਕਿੰਗ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਗੱਡੀਆਂ ਦੀ ਪਾਰਕਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਹਿਸੀਲ ਵਾਲੇ ਪਾਸੇ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਤੇ ਪੁਰਾਣੇ ਐਸਐਸਪੀ ਦਫਤਰ ਵਾਲੇ ਪਾਸੇ ਹੇਵੇਗੀ। ਆਮ ਜਨਤਾ ਦੀ ਐਂਟਰੀ ਕੋਰਟ ਰੋਡ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਾਲੇ ਪਾਸਿਓਂ ਹੋਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹੁੰਮ-ਹੁੰਮਾ ਕੇ ਪਹੁੰਚਣ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਤਹਿਸੀਲਦਾਰ ਸ੍ਰੀ ਪਰਦੀਪ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।