ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਅੱਜ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਘਲੋੜੀ ਗੇਟ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਪੁੱਜੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅਜਾਂਈ ਨਹੀਂ ਜਾਣਗੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਜਰੂਰ ਸਾਕਾਰ ਕਰੇਗੀ, ਕਿਉਂਕਿ ਸੂਬਾ ਸਰਕਾਰ ਨੇ ਸ਼ਹੀਦ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਬਣਾਇਆ ਹੈ।
ਸਾਕਸ਼ੀ ਸਾਹਨੀ ਨੇ ਕਿਹਾ, ''ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ।'' ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਨੌਜਵਾਨਾਂ ਨੂੰ ਸਾਹਿਤ ਪੜ੍ਹਨ ਤੇ ਆਪਣੇ ਦੇਸ਼ ਨਾਲ ਪ੍ਰੇਮ ਕਰਨ ਦੀ ਅਲਖ ਲਗਾਈ ਸੀ।
ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਅਜਿਹੀ ਨੇਕ ਰੂਹ ਤੇ ਮਹਾਨ ਇਨਕਲਾਬੀ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਨਗਰ ਨਿਗਮ ਦੇ ਚੀਫ ਸੈਨਟਰੀ ਇੰਸਪੈਕਟਰ ਸੰਜੀਵ ਕੁਮਾਰ ਤੇ ਰਿਸ਼ਭ ਕੁਮਾਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।