ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਦਾ ਦੌਰਾ ਕੀਤਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਮੰਡੀ 'ਚ ਝੋਨਾ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਆਪਸੀ ਤਾਲਮੇਲ ਬਣਿਆ ਹੋਇਆ ਹੈ ਅਤੇ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 54680 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 45671 ਮੀਟਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ 92 ਫੀਸਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 13293 ਮੀਟਰਕ ਟਨ, ਮਾਰਕਫੈੱਡ ਵਲੋਂ 15176 ਮੀਟਰਕ ਟਨ, ਪਨਸਪ ਵੱਲੋਂ 9773 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 5908 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 1521 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿਚ ਖਜੱਲ-ਖੁਆਰੀ ਤੋਂ ਬਚਣ ਲਈ ਝੋਨੇ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਪਰਾਲੀ ਦੇ ਸੁੱਚਜੇ ਪ੍ਰਬੰਧ ਕਰਨ ਤਾਂ ਕਿ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਤਾਂ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਬਣਿਆ ਰਹੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ, ਸ. ਰਾਜ ਬਹਾਦਰ ਸਿੰਘ,ਸ. ਹਰਦੇਵ ਵਿਰਕ, ਸ.ਅਮਰਿੰਦਰ ਸਿੰਘ, ਸ. ਗੁਰਭੇਜ ਸਿੰਘ, ਸ. ਮਨਜੀਤ ਸਿੰਘ, ਸ. ਜਗਮੀਤ ਸਿੰਘ, ਸ. ਜਸਬੀਰ ਜੋਸਨ, ਸ੍ਰੀ ਗੋਪਾਲ ਗੁਪਤਾ, ਸ੍ਰੀ ਪ੍ਰਵੀਨ, ਸ੍ਰੀ ਵਰੁਣ ਗਰਗ, ਸ੍ਰੀ ਅਮਿਤ ਗਰਗ ਆਦਿ ਹਾਜ਼ਰ ਸਨ।