ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ ਮੁਕਾਬਲੇ ਵੱਖ - ਵੱਖ ਸ਼ਹਿਰਾਂ ਵਿੱਚ ਖੇਡੇ ਜਾ ਰਹੇ ਹਨ। ਇਹਨਾਂ 28 ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਖਿਡਾਰੀ ਵੀ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਵਿਸ਼ੇਸ਼ ਉੱਦਮ ਨਾਲ ਇਹਨਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਤੋਂ ਇਸ ਵੇਲੇ 2400 ਤੋਂ ਵਧੇਰੇ ਖਿਡਾਰੀ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੱਲ ਰਹੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ।
ਇਹਨਾਂ ਵਿੱਚੋਂ 1020 ਖਿਡਾਰੀ ਵੱਖ ਵੱਖ ਉਮਰ ਵਰਗ ਦੇ ਟੀਮ ਮੁਕਾਬਲਿਆਂ ਵਿਚ ਖੇਡ ਰਹੇ ਹਨ। ਜਦਕਿ ਬਾਕੀ ਖਿਡਾਰੀ ਵਿਅਕਤੀਗਤ ਮੁਕਾਬਲਿਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਜਿਹੜੀਆਂ ਟੀਮਾਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ ਹਨ, ਉਹਨਾਂ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਅੰਡਰ-14, 17, 21, 30 ਵਰਗ ਦੇ ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਹਾਕੀ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ, ਹੈਂਡਬਾਲ, ਸਾਫਟਬਾਲ, ਖੋ- ਖੋ, ਬਾਸਕਿਟਬਾਲ ਆਦਿ ਟੀਮਾਂ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਫਿਲਹਾਲ ਇਹ ਖੇਡ ਕਿੱਟਾਂ ਸਿਰਫ਼ ਟੀਮ ਵਰਗ ਵਿੱਚ ਭਾਗ ਲੈ ਰਹੇ ਖਿਡਾਰੀਆਂ ਨੂੰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਰਹੇਗੀ ਕਿ ਜੋ ਖਿਡਾਰੀ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਤਮਗੇ ਜਿੱਤ ਕੇ ਲਿਆਉਣਗੇ ਉਹਨਾਂ ਨੂੰ ਵੀ ਇਹ ਖੇਡ ਕਿੱਟਾਂ ਦਿੱਤੀਆਂ ਜਾਣ। ਇਹ ਖੇਡ ਕਿੱਟਾਂ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਫੰਡਾਂ ਨਾਲ ਤਿਆਰ ਕਰਵਾਈਆਂ ਗਈਆਂ ਹਨ। ਉਹਨਾਂ ਖ਼ਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਡ ਵਿੱਚ ਸਰਬੋਤਮ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਹਨਾਂ ਨੂੰ ਸਹੂਲਤਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਖ਼ਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਖੇਡ ਨੀਤੀ ਦਾ ਭਰਪੂਰ ਲਾਭ ਲੈਣ।