ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕੋਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਆਪਣਾ ਸਰਗਰਮ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੀ ਜ਼ਮੀਨੀ ਪੱਧਰ ’ਤੇ ਸਫ਼ਲਤਾ ਲਈ ਸਾਨੂੰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਜਾਣਕਾਰਾਂ ਤੇ ਵਿਭਾਗੀ ਅਮਲੇ ਤੋਂ ਸ਼ੁਰੂਆਤ ਕਰਨ ਦੀ ਲੋੜ ਹੈ ਕਿ ਜੇਕਰ ਆਪਣੇ ਆਲੇ ਦੁਆਲੇ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੇ ਨਸ਼ੇ ਦੀ ਆਦਤ ਵਿੱਚ ਫਸਿਆ ਹੋਇਆ ਹੈ ਤਾਂ ਉਸ ਨੂੰ ਪ੍ਰੇਰਿਤ ਕਰਦੇ ਹੋਏ ਨਸ਼ਿਆਂ ਦੇ ਇਸ ਕੋਹੜ ਤੋਂ ਨਿਜਾਤ ਦਿਵਾਉਣ ਵਿੱਚ ਯੋਗਦਾਨ ਪਾਉਂਦੇ ਹੋਏ ਮਨੁੱਖਤਾ ਦੀ ਸੇਵਾ ਦਾ ਫ਼ਰਜ਼ ਅਦਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਰਾਹ ’ਤੇ ਤੁਰਨ ਵਾਲਿਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਨ ਲਈ ਸਾਰਥਕ ਕਦਮ ਪੁੱਟੇ ਜਾਣ ਦੀ ਲੋੜ ਹੈ ਅਤੇ ਜ਼ਿਲ੍ਰਾ ਪ੍ਰਸ਼ਾਸਨ ਤੇ ਪੁਲਿਸ ਸਾਂਝੇ ਸਹਿਯੋਗ ਨਾਲ ਅਜਿਹੇ ਤੰਦਰੁਸਤ ਹੋਏ ਵਿਅਕਤੀਆਂ ਦੇ ਸਮਾਜਿਕ ਤੌਰ ’ਤੇ ਮੁੜ ਵਸੇਬੇ ਦੀ ਦਿਸ਼ਾ ਵਿੱਚ ਵੀ ਨਿੱਗਰ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪਾਂ ਦੀ ਲੜੀ ਦੀ ਮੁੜ ਸ਼ੁਰੂਆਤ ਕਰਦਿਆਂ ਡੀ.ਐਸ.ਪੀਜ਼ ਨਾਲ ਮਿਲ ਕੇ ਹਰ ਪਿੰਡ ਤੇ ਇਲਾਕੇ ਵਿੱਚ ਪਹੁੰਚ ਕੀਤੀ ਜਾਵੇ ਤਾਂ ਜੋ ਜਨ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ।
ਮੀਟਿੰਗ ਦੌਰਾਨ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਬਾਰੇ ਬਣੀ ਗਲਤ ਵਿਚਾਰਧਾਰਾ ਨੂੰ ਬਦਲਣਾ ਸਮੇਂ ਦੀ ਲੋੜ ਹੈ ਕਿਉਂਕਿ ਜਿਹੜੇ ਵਿਅਕਤੀ ਮਾੜੀ ਸੰਗਤ ਜਾਂ ਕਿਸੇ ਵੀ ਹੋਰ ਕਾਰਨਾਂ ਕਰਕੇ ਗੁੰਮਰਾਹ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਡਿੱਗ ਜਾਂਦੇ ਹਨ ਉਨ੍ਹਾਂ ਨੂੰ ਬਿਮਾਰ ਮੰਨਦੇ ਹੋਏ ਉਨ੍ਹਾਂ ਦਾ ਸਹੀ ਇਲਾਜ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ। ਐਸ.ਐਸ.ਪੀ ਨੇ ਕਿਹਾ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਭਾਗੀ ਪੱਧਰ ’ਤੇ ਕਰਵਾਏ ਜਾ ਸਕਣ ਵਾਲੇ ਚੇਤਨਾ ਕਾਰਜਾਂ ਬਾਰੇ ਯੋਜਨਾਬੱਧ ਢੰਗ ਨਾਲ ਰੂਪਰੇਖਾ ਉਲੀਕੇ ਜਾਣ ਦੀ ਲੋੜ ਹੈ ਤਾਂ ਜੋ ਪੁੰਨ ਦੇ ਇਸ ਕਾਰਜ ਵਿੱਚ ਹਰ ਨਾਗਰਿਕ ਆਪਣਾ ਨਿੱਗਰ ਯੋਗਦਾਨ ਪਾ ਸਕੇ ਅਤੇ ਇਸ ਦੇ ਸੁਖਾਵੇਂ ਨਤੀਜੇ ਸਾਹਮਣੇ ਆ ਸਕਣ।
ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੇ ਧੰਦੇ ਵਿੱਚ ਗਲਤਾਨ ਵਿਅਕਤੀਆਂ ਦੀ ਪ੍ਰਾਪਰਟੀ ਨੂੰ ਅਟੈਚ ਕਰਕੇ ਫਰੀਜ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।