ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ 'ਤੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਸੰਸਦ ਮੈਂਬਰ ਤਿਵਾੜੀ ਅੱਜ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਮਾਨ ਖੇੜੀ ਅਤੇ ਅਰਨੌਲੀ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਨੇ ਭਾਰਤ ਨੂੰ ਮਹਾਨ ਸੰਵਿਧਾਨ ਦਿੱਤਾ ਹੈ, ਜੋ ਸਮਾਜ ਦੇ ਹਰ ਵਰਗ ਨੂੰ ਅਧਿਕਾਰ ਦਿੰਦਾ ਹੈ, ਪਰ ਮੌਜੂਦਾ ਕੇਂਦਰ ਸਰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ ਅਤੇ ਜਲਦੀ ਹੀ ਇਨ੍ਹਾਂ ਤੋਂ ਛੁਟਕਾਰਾ ਚਾਹੁੰਦੇ ਹਨ। ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਮਾਜ ਦੇ ਸਾਰੇ ਵਰਗਾਂ ਨੂੰ ਜੋੜ ਕੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਦਾ ਕੰਮ ਕੀਤਾ ਹੈ।
ਇਸ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਧੰਨਵਾਦ ਕੀਤਾ, ਜੋ ਹਲਕੇ ਦੇ ਹਰ ਪਿੰਡ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੱਢ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਪਿੰਡਾਂ ਚੇੜੀਆਂ, ਕਕਰਾਲੀ ਅਤੇ ਮਾਨ ਖੇੜੀ ਵਿਖੇ ਵਿਕਾਸ ਕਾਰਜਾਂ ਲਈ ਕੁੱਲ 8 ਲੱਖ ਰੁਪਏ ਦੀ ਗ੍ਰਾਂਟ ਸੌਂਪੀ।
ਜਿੱਥੇ ਹੋਰਨਾਂ ਤੋਂ ਇਲਾਵਾ, ਪੰਜਾਬ ਕਾਂਗਰਸ ਦੇ ਸਕੱਤਰ ਮਨਜੋਤ ਸਿੰਘ, ਦਰਸ਼ਨ ਸਿੰਘ ਸੰਧੂ ਬਲਾਕ ਪ੍ਰਧਾਨ ਮੋਰਿੰਡਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਸੋਹਣ ਸਿੰਘ ਭੰਗੂ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਬਲਬੀਰ ਸਿੰਘ, ਮਿੰਟਾ ਤੂਰ, ਮਨਿੰਦਰ ਮਨੀ ਆਦਿ ਹਾਜ਼ਰ ਸਨ।