ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੂਰੀ ਤਰਾਂ ਨਿਰਪੱਖ ਅਤੇ ਭੈਅ ਮੁਕਤ ਵਾਤਾਵਰਨ ਵਿਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ਤੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਿਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚੱਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਤਾਰ ਇਨ੍ਹਾਂ ਟੈਲੀਫੋਨਾਂ ਤੇ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾ ਮੁਤਾਬਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਰਿਪੋਰਟ ਤੁਰੰਤ ਮੁਹੱਈਆ ਕਰਵਾਈ ਜਾਵੇ।
ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਜਿ਼ਲ੍ਹੇ ਵਿੱਚ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਭਲਾਈ ਸਕੀਮ ਦਾ ਕੋਈ ਨਵਾਂ ਲਾਭਪਾਤਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਉਹ ਵਿਕਾਸ ਕਾਰਜ ਹੀ ਚਾਲੂ ਰੱਖੇ ਜਾ ਸਕਦੇ ਹਨ ਜਿਨ੍ਹਾਂ ਕਾਰਜਾਂ ਲਈ ਲੋੜੀਂਦਾ ਮਟੀਰੀਅਲ ਆ ਚੁੱਕਾ ਹੋਵੇ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਸਟੇਟ ਪਾਵਰ ਕਾਮ ਲਿਮ: ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੰਭਿਆਂ, ਬਿਜਲੀ ਦੇ ਸਬ ਸਟੇਸ਼ਨਾਂ ਅਤੇ ਹੋਰ ਇਮਾਰਤਾਂ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਤਸਵੀਰਾਂ ਨੂੰ ਹਟਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਫਿਰ ਵੀ ਕੋਈ ਉਲੰਘਣਾ ਹੋਈ ਤਾਂ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।
ਉਨ੍ਹਾਂ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਸਿ਼ਕਾਇਤ ਨਿਵਾਰਣ ਸੈਲ ਸਥਾਪਤ ਕੀਤਾ ਗਿਆ ਹੈ ਜਿਥੇ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਸਕਣ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ, ਸਿਵਲ ਸਰਜਨ ਸ੍ਰੀਮਤੀ ਦਵਿੰਦਰਜੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।