ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਇੱਕ ਮਹਿਲਾ (ਸੀਆਈਐਸਐਫ਼) ਅਧਿਕਾਰੀ ਕੁਲਵਿੰਦਰ ਕੌਰ ਵੱਲੋਂ ਵਿਰੋਧ ਪ੍ਰਦਰਸ਼ਨ ਅਤੇ ਅਪਮਾਨ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇਹ ਇੱਕ ਬਿਲਕੁਲ ਦਰੁਸਤ ਕਾਰਵਾਈ ਹੋਈ ਹੈ।
ਸ੍ਰ. ਪੀਰ ਮੁਹੰਮਦ ਨੇ ਕਿਹਾ ਕਿ ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਪੰਜਾਬ ਪ੍ਰਤੀ ਅਜਿਹੇ ਜ਼ਹਿਰੀਲੇ ਸ਼ਬਦ ਸੁਣ ਕੇ ਬਹੁਤ ਹੈਰਾਨੀ ਹੁੰਦੀ ਹੈ। ਇਸ ਤੋਂ ਇਲਾਵਾ ਸਾਡੇ ਨੌਜਵਾਨਾਂ ਨੂੰ ਅੱਤਵਾਦੀ ਕਰਾਰ ਦੇਣਾ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮੀਡੀਆ ਅਜੇ ਵੀ ਪੰਜਾਬੀਆਂ ਨੂੰ ਖ਼ਾਲਿਸਤਾਨ ਨਾਲ ਜੋੜ ਕੇ ਪੰਜਾਬ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਕਿ ਮੰਦਭਾਗਾ ਹੈ।
ਉਨ੍ਹਾਂ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਸਥਿਤੀ ਸਪੱਸ਼ਟ ਕਰਨ ਅਤੇ ਦੱਸਣ ਲਈ ਕਿਹਾ ਕਿ ਭਾਜਪਾ ਆਗੂ ਕੰਗਨਾ ਰਣੌਤ ਸਾਡੇ ਪੰਜਾਬ ਦੇ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਅਜਿਹਾ ਵਿਵਹਾਰ ਕਿਉਂ ਕਰ ਰਹੀ ਹੈ। ਸ੍ਰ. ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਿਰਫ਼ ਭਾਜਪਾ ਕਾਰਨ ਹੀ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੀ ਭਾਜਪਾ ਵੱਲੋਂ ਸਾਡੇ ਇਲਾਕੇ ਵਿੱਚ ਜਾਣਬੁੱਝ ਕੇ ਪੰਜਾਬ ਦਾ ਅਕਸ ਖ਼ਰਾਬ ਕਰਨ ਲਈ ਭੇਜਿਆ ਗਿਆ ਇੱਕ ਏਜੰਟ ਹੈ। ਸ੍ਰ. ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੀ ਰਾਖ਼ੀ ਲਈ ਹਮੇਸ਼ਾ ਖੜ੍ਹਾ ਰਹੇਗਾ, ਭਾਵੇਂ ਸਾਨੂੰ ਆਪਣੇ ਸੂਬੇ ਦੀ ਰਖਵਾਲੀ ਲਈ ਕੋਈ ਵੀ ਕਦਮ ਚੁੱਕਣਾ ਪਵੇ।