ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਨੂੰ ਰੋਕਣ ਵਾਸਤੇ ਕੀਤੇ ਗਏ ਫੈਸਲੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟੋਕਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਆਉਣ ਵਾਲੇ ਲੋਕਾਂ ਨੂੰ ਟੋਕਨ ਜਾਰੀ ਕੀਤਾ ਜਾਵੇਗਾ ਅਤੇ ਟੋਕਨ ਨੰਬਰ ਅਨੁਸਾਰ ਸਬੰਧਤ ਵਿਅਕਤੀ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸ ਸਕਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਟੋਕਨ ਸਿਸਟਮ ਸ਼ੁਰੂ ਹੋਣ ਨਾਲ ਆਮ ਨਾਗਰਿਕ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਨੂੰ ਮਿਲ ਸਕਣਗੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਟੋਕਨ ਪ੍ਰਣਾਲੀ ਸ਼ੁਰੂ ਹੋਣ ਨਾਲ ਪ੍ਰਸ਼ਾਸ਼ਨ ਤੇ ਆਮ ਲੋਕਾਂ ਦੇ ਕੰਮਾਂ ਵਿੱਚ ਪਾਰਦਰਸ਼ਤਾ ਵਧੇਗੀ ਅਤੇ ਜ਼ਿਲ੍ਹੇ ਦੇ ਨਾਗਰਿਕ ਬਿਨਾਂ ਕਿਸੇ ਝਿਜਕ ਤੋਂ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਣਗੇ।
ਉਨ੍ਹਾਂ ਦੱਸਿਆ ਕਿ ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਟੋਕਨ ਮਸ਼ੀਨ ਰਾਹੀਂ ਇੱਕ ਨੰਬਰ ਅਲਾਟ ਕੀਤਾ ਜਾਵੇਗਾ ਜਿਸ ਅਨੁਸਾਰ ਉਹ ਉਨ੍ਹਾਂ ਨੂੰ ਮਿਲ ਸਕਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪਹਿਲਾਂ ਨਾਗਰਿਕ ਆਪਣੀਆਂ ਸਮੱਸਿਆਵਾਂ ਜ਼ਿਲ੍ਹੇ ਦੇ ਡੀ.ਸੀ. ਤੱਕ ਪਹੁੰਚਾਣ ਵਿੱਚ ਝਿਜਕ ਮਹਿਸੂਸ ਕਰਦੇ ਸਨ ਪ੍ਰੰਤੂ ਹੁਣ ਆਮ ਨਾਗਰਿਕ ਸਿੱਧੇ ਉਨ੍ਹਾਂ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਸਕਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਸੀ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਦੱਸੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਸਬੰਧਤ ਵਿਅਕਤੀ ਨੂੰ ਮੋਬਾਇਲ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੇ ਕੰਮਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਭਾਗ ਨਾਲ ਸਬੰਧਤ ਸਮੱਸਿਆ ਦਾ ਹੱਲ ਤੈਅ ਸਮੇਂ ਅੰਦਰ ਨਾ ਕੀਤਾ ਗਿਆ ਤਾਂ ਸਬੰਧਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।