ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਿਨੇਸ਼ ਬੱਸੀ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਇੱਕ ਇਮਾਨਦਾਰ ਅਤੇ ਉੱਤਮ ਇਨਸਾਨ ਸਨ।
ਅੱਜ ਡਾ: ਮਨਮੋਹਨ ਸਿੰਘ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਨੂੰ ਹੰਝੂ ਭਰੀਆਂ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਦਿਨੇਸ਼ ਬੱਸੀ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਹ ਭਾਰਤ ਦੇ ਇੱਕ ਬਹੁਤ ਹੀ ਯੋਗ ਪ੍ਰਧਾਨ ਮੰਤਰੀ ਅਤੇ ਦੂਰਅੰਦੇਸ਼ੀ ਵਾਲੇ ਇੱਕ ਇਮਾਨਦਾਰ ਵਿਅਕਤੀ ਸਨ।
ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਨੇ ਦੇਸ਼ ਨੂੰ ਅੱਜ ਵਿਸ਼ਵ ਦੀ ਸਭ ਤੋਂ ਵੱਡੀ ਆਰਥਿਕਤਾ ਬਣਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਡਾ: ਮਨਮੋਹਨ ਸਿੰਘ ਕਾਂਗਰਸ ਲਈ ਹੀ ਨਹੀਂ ਬਲਕਿ ਹਰ ਪਾਰਟੀ ਅਤੇ ਦੇਸ਼ ਦੇ ਹਰ ਨਾਗਰਿਕ ਲਈ ਮਾਰਗ ਦਰਸ਼ਕ ਸਨ।
ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਡਾ: ਮਨਮੋਹਨ ਸਿੰਘ ਆਉਣ ਵਾਲੀਆਂ ਕਈ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੇ ਰਹਿਣਗੇ। ਪਰਮਾਤਮਾ ਉਹਨਾਂ ਦੀ ਆਤਮਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।