ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਮੇਂ-ਸਮੇਂ ਸਿਰ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ। ਇਸੇ ਹੀ ਲੜੀ ਤਹਿਤ ਅੱਜ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮੋਤੀ ਨਗਰ ਅਤੇ ਸੁਭਾਸ਼ ਨਗਰ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਸਭ ਤੋਂ ਵੱਡਾ ਯੋਗਦਾਨ ਸਿੱਖਿਆ ਦਾ ਹੁੰਦਾ ਹੈ । ਉਹਨਾਂ ਕਿਹਾ ਕਿ ਸੂਬਾ ਜਾਂ ਦੇਸ਼ ਤਾਂ ਹੀ ਅੱਗੇ ਵਧ ਸਕਦਾ ਹੈ ਜੇਕਰ ਉਥੋਂ ਦੀ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਪਹਿਲ ਦੇ ਆਧਾਰ ਤੇ ਤਰਜੀਹ ਦਿੱਤੀ ਜਾਵੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਸਮੇਂ - ਸਮੇਂ ਸਿਰ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨੇ ਸ਼ੁਰੂ ਕਰ ਦਿੱਤੇ ਜਿਸਦੇ ਨਤੀਜੇ ਸਾਹਮਣੇ ਆ ਰਹੇ ਹਨ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 17 ਹਜਾਰ ਕਰੋੜ ਰੁਪਏ ਸਿੱਖਿਆ ਦੇ ਖੇਤਰ ਲਈ ਜਾਰੀ ਕੀਤੇ ਗਏ ਹਨ ਜਿਸ ਤੋਂ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਨਹੀਂ ਹੈ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਿੰਨੀ ਗੰਭੀਰ ਹੈ।ਇਸ ਮੌਕੇ ਹਾਜ਼ਰ ਸਕੂਲ ਸਟਾਫ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੀ ਇਹ ਪਹਿਲੀ ਸਰਕਾਰ ਹੈ ਜਿਸਨੇ ਸਕੂਲਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਇੱਕ ਨਵੀਂ ਲਹਿਰ ਪੈਦਾ ਕੀਤੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਉੱਚ ਸਿੱਖਿਆ ਮਿਲੇਗੀ ਉੱਥੇ ਹੀ ਮਹਿੰਗੇ ਸਕੂਲਾਂ ਤੋਂ ਵੀ ਆਮ ਜਨਤਾ ਨੂੰ ਛੁਟਕਾਰਾ ਮਿਲੇਗਾ।
ਇਸ ਮੌਕੇ ਮੇਅਰ ਇੰਦਰਜੀਤ ਕੌਰ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਅਮਰਜੀਤ ਸਿੰਘ, ਜਸਵਿੰਦਰ ਸਿੰਘ, ਗੱਗੀ ਸ਼ਰਮਾ, ਜਸਪਾਲ ਲਾਲੀ, ਭੂਸ਼ਨ ਸ਼ਰਮਾ, ਦਿਨੇਸ਼ ਸ਼ਰਮਾ, ਸੁਰਜੀਤ ਠੇਕੇਦਾਰ, ਅਵਤਾਰ ਦਿਉਲ, ਲਵਿਸ਼ ਵਾਲਿਆ, ਭਾਰਤ ਭੂਸ਼ਨ ਮਿੱਠੂ, ਹਰੀ ਓਮ, ਵਿਧਾਇਕ ਪੀਏ ਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।