ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਕੀਤੇ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ ਅਤੇ ਸੂਬੇ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਜੇਕਰ ਆਧੁਨਿਕ ਸਹੂਲਤਾਂ ਨਾਲ ਲੈਸ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਤਾਂ ਇਹ ਪੂਰੀ ਦੁਨੀਆ ਵਿੱਚ ਆਪਣੇ ਸੂਬੇ ਦਾ ਨਾਮ ਰੋਸ਼ਣ ਕਰਨਗੇ।
ਇਸੇ ਮੰਤਵ ਤਹਿਤ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਪ੍ਰਣਾਲੀ ਰਾਹੀਂ ਸਿੱਖਿਅਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਅੱਜ ਦੇ ਉਦਘਾਟਨੀ ਸਮਾਰੋਹਾਂ ਦੌਰਾਨ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਰੀਬ 32 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਵਿਖੇ ਹੋਏ ਕਾਰਜਾਂ ਦੇ ਉਦਘਾਟਨ ਕੀਤੇ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਜਟਾਣਾ ਕਲਾਂ ਵਿਖੇ 15 ਲੱਖ 2 ਹਜ਼ਾਰ ਰੁਪਏ ਦੀ ਲਾਗਤ ਨਾਲ 2 ਆਧੁਨਿਕ ਕਮਰੇ, ਸਰਕਾਰੀ ਮਿਡਲ ਸਕੂਲ ਜਟਾਣਾ ਕਲਾਂ ਵਿਖੇ 3 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਹਰੀ ਸਿੰਘ ਵਿਖੇ 7 ਲੱਖ 51 ਹਜ਼ਾਰ ਦੀ ਲਾਗਤ ਨਾਲ 1 ਆਧੁਨਿਕ ਕਲਾਸ ਰੂਮ ਅਤੇ 6 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਨਵਾਂ ਰੂਪ ਦਿੱਤਾ ਹੈ ਜਿਸ ਤਹਿਤ ਸਕੂਲਾਂ ਵਿੱਚ ਮਾਡਲ ਕਲਾਸ ਰੂਮ, ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਮੇਵਾ ਸਿੰਘ, ਸਰਪੰਚ ਗੱਗੂ ਸਿੰਘ, ਗੱਗੀ ਸਰਦੂਲੇਵਾਲਾ, ਪ੍ਰਿੰਸੀਪਲ ਦਿਲਪ੍ਰੀਤ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਸਕੂਲਾਂ ਦੇ ਮੁਖੀ, ਸਟਾਫ਼ ਵਿਦਿਆਰਥੀ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਸਨ।