ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਥੱਲੇ ਜਾ ਰਹੇ ਪੱਧਰ ਨੂੰ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸਾਕਸ਼ੀ ਸਾਹਨੀ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਕਿਸਾਨਾ ਨੂੰ ਡੀ.ਐਸ.ਆਰ. ਵਿਧੀ ਰਾਂਹੀ ਇਸ ਤਕਨੀਕ ਨਾਲ ਝੋਨਾ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਤਰ ਵੱਤਰ ਤਕਨੀਕ ਰਾਂਹੀ ਝੋਨੇ ਦੀ ਸਿੱਧੀ ਬਿਜਾਈ (ਧਸ਼੍ਰ) ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ, ਬਿਜਲੀ ਦੀ ਖਪਤ ਘਟਾਉਣ ਅਤੇ ਖੇਤੀ ਕਾਮਿਆਂ ਦੀ ਆ ਰਹੀ ਘਾਟ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਡਿਪਟੀ ਕਮਿਸ਼ਨਰ ਨੂੰ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਿਹਾ ਕਿ ਉਹ ਹਰੇਕ ਪਿੰਡ ਤੱਕ ਆਪਣੀ ਪਹੁੰਚ ਨੂੰ ਯਕੀਨੀ ਬਣਾਉਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੰਭਾਲਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਆਪਣਾ ਵਾਤਾਵਰਣ ਬਚਾਉਣ ਲਈ ਪਰਾਲੀ ਨੂੰ ਅੱਗ ਨਾਲ ਲਾਉਣ,ਇਸ ਨਾਲ ਜਿਥੇ ਕਈ ਬੀਮਾਰੀਆਂ ਫੈਲਦੀਆਂ ਹਨ ਉਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਸ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕੇ ਝੋਨੇ ਦੀ ਸਿੱਧੀ ਬਿਜਾਈ 15 ਮਈ 2025 ਤੋਂ ਕੀਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵਲੋਂ ਇਸ ਤਕਨੀਕ ਨਾਲ ਬਿਜਾਈ ਕਰ ਰਹੇ ਕਿਸਾਨਾ ਦੀ ਰਜਿਸਰਟੇਸ਼ਨ 10 ਮਈ ਤੋਂ ਕੀਤੀ ਜਾ ਰਹੀ ਹੈ ਅਤੇ ਜਿਲ੍ਹਾ ਪੱਧਰ ਤੇ ਸ਼੍ਰੀ ਕੁਲਵੰਤ ਸਿੰਘ, ਫੀਲਡ ਅਫਸਰ (ਅੰਕੜਾ) ਨੂੰ ਵਿਭਾਗ ਵੱਲੋਂ ਨੋਡਲ ਅਫਸਰ ਵੱਜੋਂ ਨਿਯੁੱਕਤ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਲ 2024-25 ਦੌਰਾਨ ਇਸ ਵਿਧੀ ਨਾਲ ਕਰੀਬ 17 ਹਜ਼ਾਰ ਏਕੜ ਰਕਬੇ ਵਿੱਚ ਬਿਜਾਈ ਕਰਵਾਈ ਗਈ ਸੀ ਜੋ ਇਸ ਸਾਲ ਵਧਾ ਕੇ 30 ਹਜ਼ਾਰ ਏਕੜ ਰਕਬਾ ਕੀਤੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਕਿਸਾਨਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਹਿੱਤ ਪਿੰਡ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪਾਂ ਅਤੇ ਵੱਟਸਐਪ ਗਰੁੱਪਾਂ ਰਾਂਹੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਇਸ ਵਿਧੀ ਦਾ ਪ੍ਰਸਾਰ ਕੀਤਾ ਜਾ ਰਿਹਾ ਹੈ।
ਕਿਸਾਨਾ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਮੁੱਖ ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾਵੇ ਜਾਂ ਫਿਰ ਜਿਲ੍ਹਾ ਪੱਧਰ ਤੇ ਨਿਯੁੱਕਤ ਨੋਡਲ ਅਫਸਰ (ਮੋਬਾਈਲ 98158-28858) ਨਾਲ ਸੰਪਰਕ ਕਰ ਸਕਦੇ ਹਨ।